Homeਪਟਿਆਲਾ ਅਪਡੇਟਝੂਠੇ ਵੀਜ਼ੇ ਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ...

ਝੂਠੇ ਵੀਜ਼ੇ ਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

ਨਾਭਾ/ ਪਟਿਆਲਾ 11 ਜੁਲਾਈ:

ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਨਾਭਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ, ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹੀ ਸੁਣਵਾਈ ਕੈਂਪ ਦਾ ਆਯੋਜਨ ਕੀਤਾ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਿੱਸਾ ਲਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਅਤੇ ਪੀੜਤਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀ ਪਹੁੰਚ ਨੂੰ ਰਾਜ ਦੇ ਹਰ ਘਰ ਤੱਕ ਲੈ ਕੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ।

ਪਦਮਸ਼੍ਰੀ ਸ਼ੰਟੀ ਨੇ ਝੂਠੇ ਵੀਜ਼ਿਆਂ, ਨਕਲੀ ਆਫਰ ਲੈਟਰਾਂ, ਜਾਅਲੀ ਵਿਆਹਾਂ ਅਤੇ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਠੱਗਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਓਹਨਾ ਨਾਭਾ ਪ੍ਰਸ਼ਾਸਨ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਵੀ ਸੰਵੇਦਨਸ਼ੀਲ ਅਤੇ ਚੌਕਸ ਹੋਣ। ਇਸ ਦੇ ਨਾਲ ਹੀ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਜੀ.ਓਜ਼ ਦੀ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੀਆਂ ਸੰਸਥਾਵਾਂ ਨਾਲ ਤਾਲਮੇਲ ਬਣਾ ਕੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ।

ਪਦਮਸ਼੍ਰੀ ਸ਼ੰਟੀ ਨੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀ ਮਹੱਤਵਪੂਰਨ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 112 ‘ਤੇ ਪ੍ਰਾਪਤ ਹੋਣ ਵਾਲੀਆਂ ਗੰਭੀਰ ਮਾਮਲਿਆਂ ਦੀਆਂ ਕਾਲਾਂ, ਖਾਸ ਕਰਕੇ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਦੇ ਮਾਮਲਿਆਂ ਵਿੱਚ, ਪੁਲਿਸ ਵੱਲੋਂ ਐਂਬੂਲੈਂਸਾਂ ਨੂੰ ਸਮੇਂ ਸਿਰ ਹਸਪਤਾਲ ਤੱਕ ਪਹੁੰਚਾਉਣ ਲਈ ਪਾਇਲਟ ਵਾਹਨ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਕਮਿਸ਼ਨ ਦਾ ਵਟਸਐਪ ਨੰਬਰ 9855475547 ਜਾਰੀ ਕਰਦਿਆਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਇਸ ਨੰਬਰ ‘ਤੇ ਭੇਜ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ ‘ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਦੀ ਉਲੰਘਣਾ ਹੋਣ ‘ਤੇ ਬਿਨਾਂ ਕਿਸੇ ਡਰ ਦੇ ਕਮਿਸ਼ਨ ਨਾਲ ਸੰਪਰਕ ਕਰਨ।

ਇਸ ਮੌਕੇ ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ
ਮੀਟਿੰਗ ਕਰਕੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ‘ਤੇ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ।

ਸਮਾਗਮ ਦੌਰਾਨ ਐਸ.ਡੀ.ਐਮ. ਏ.ਪੀ.ਐਸ. ਸੋਮਲ, ਈ.ਓ. ਗੁਰਚਰਨ ਸਿੰਘ, ਡੀ.ਐਸ.ਪੀ. ਗੁਰਿੰਦਰ ਸਿੰਘ ਬੱਲ, ਡੀ.ਐਸ.ਪੀ. ਜੇਲ੍ਹ ਹਰਪ੍ਰੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ., ਡਾਇਟ ਦੇ ਪ੍ਰਿੰਸੀਪਲ ਸੰਦੀਪ ਨਾਗਰ, ਕੋਰ ਗਰੁੱਪਾਂ ਦੇ ਮੈਂਬਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments