ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਪੇਪਰ ਲੀਕ ਮਾਮਲੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਜ਼ਖਮੀ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਦੁੱਖ ਪ੍ਰਗਟ ਕੀਤਾ।
ਸਲਮਾਨ ਖਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਭਵਿੱਖ ਅਤੇ ਦੇਸ਼ ਦੀ ਬਿਹਤਰ ਸਿੱਖਿਆ ਪ੍ਰਣਾਲੀ ਲਈ ਜਿਸ ਤਰ੍ਹਾਂ ਇਕੱਠੇ ਹੋ ਕੇ ਆਵਾਜ਼ ਉਠਾਈ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਵਰਗੇ ਮੁੱਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਹੋਏ ਹਨ ਅਤੇ ਇਸ ’ਤੇ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।
ਅਦਾਕਾਰ ਨੇ ਕਿਹਾ ਕਿ ਸ਼ੁਰੂਆਤ ਵਿੱਚ ਇਹ ਅੰਦੋਲਨ ਸ਼ਾਂਤਮਈ ਸੀ, ਪਰ ਬਾਅਦ ਵਿੱਚ ਹਿੰਸਾ ਹੋਣਾ ਦੁਖਦਾਈ ਹੈ। ਉਨ੍ਹਾਂ ਜ਼ਖਮੀ ਵਿਦਿਆਰਥੀਆਂ ਲਈ ਹਮਦਰਦੀ ਜਤਾਈ ਅਤੇ ਕਿਹਾ ਕਿ ਇਸ ਮੁੱਦੇ ਦਾ ਹੱਲ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ’ਤੇ ਕੇਂਦਰਿਤ ਹੋਣਾ ਚਾਹੀਦਾ ਹੈ।
ਸਲਮਾਨ ਨੇ ਇਹ ਵੀ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਇਸ ਅੰਦੋਲਨ ਨੂੰ ਰਾਜਨੀਤਿਕ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਵਿਦਿਆਰਥੀਆਂ ਅਤੇ ਸਿੱਖਿਆ ਪ੍ਰਣਾਲੀ ਨਾਲ ਸਬੰਧਤ ਹੈ ਅਤੇ ਇਸ ਦਾ ਸਿਹਰਾ ਉਨ੍ਹਾਂ ਨੌਜਵਾਨਾਂ ਨੂੰ ਮਿਲਣਾ ਚਾਹੀਦਾ ਹੈ ਜੋ ਬਿਹਤਰ ਪ੍ਰਬੰਧ ਲਈ ਆਪਣੀ ਆਵਾਜ਼ ਉਠਾ ਰਹੇ ਹਨ।
ਉਨ੍ਹਾਂ ਨੇ ਸਿੱਖਿਆ ਨੂੰ ਹੋਰ ਆਕਰਸ਼ਕ ਅਤੇ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਭਾਰਤ ਇੱਕ ਵੱਡਾ ਸਿੱਖਿਆ ਕੇਂਦਰ ਬਣ ਸਕੇ।
ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਨੂੰ ਫਿਲਮ ਜਗਤ ਦੀਆਂ ਕਈ ਹਸਤੀਆਂ ਵੱਲੋਂ ਵੀ ਸਮਰਥਨ ਮਿਲਿਆ ਹੈ। ਇਨ੍ਹਾਂ ਵਿੱਚ ਨਸੀਰੂਦੀਨ ਸ਼ਾਹ, ਰਤਨਾ ਪਾਠਕ ਸ਼ਾਹ, ਸ਼ਬਾਨਾ ਆਜ਼ਮੀ, ਪ੍ਰਕਾਸ਼ ਰਾਜ, ਰਾਜਕੁਮਾਰ ਰਾਓ, ਰੇਵਤੀ, ਟੋਵਿਨੋ ਥਾਮਸ ਅਤੇ ਅਨੁਰਾਗ ਕਸ਼ਯਪ ਵਰਗੇ ਨਾਮ ਸ਼ਾਮਲ ਹਨ।







