ਪਟਿਆਲਾ , 4 ਅਗਸਤ, 2026 (ਕਾਜਲ) : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀਆਂ ਕਿਸ਼ਤਾਂ ਦਾ ਭੁਗਤਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਟਰਾਂਸਫਰ (ਡੀ.ਬੀ.ਟੀ.) ਰਾਹੀਂ ਕਰਨ ਦਾ ਕੰਮ ਲਗਾਤਾਰ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਡੀ.ਪੀ.ਓ.), ਪਟਿਆਲਾ, ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਯੋਜਨਾ ਦੇ ਦੂਜੇ ਪੜਾਅ ਅਧੀਨ ਜ਼ਿਲ੍ਹਾ ਪਟਿਆਲਾ ਦੇ 1,52,446 ਜਨਰਲ ਵਰਗ ਦੇ ਲਾਭਪਾਤਰੀਆਂ ਨੂੰ ₹45,73,38,000/- ਅਤੇ 38,905 ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ ਲਾਭਪਾਤਰੀਆਂ ਨੂੰ ₹17,50,72,500/- ਦੀ ਰਕਮ ਸਿੱਧੇ (ਡੀ.ਬੀ.ਟੀ.) ਰਾਹੀਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਲੋਕ-ਭਲਾਈ ਯੋਜਨਾ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਸ੍ਰੀ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਕੇਵਲ ਉਹਨਾਂ ਮਹਿਲਾਵਾਂ ਨੂੰ ਦਿੱਤਾ ਜਾਂਦਾ ਹੈ ਜੋ ਸਰਕਾਰ ਵੱਲੋਂ ਨਿਰਧਾਰਿਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ, ਲਾਭਪਾਤਰੀ ਕਿਸੇ ਵੀ ਸਰਕਾਰੀ ਵਿਭਾਗ, ਬੋਰਡ, ਨਿਗਮ ਜਾਂ ਹੋਰ ਸਰਕਾਰੀ ਅਦਾਰੇ ਵਿੱਚ ਸੇਵਾ-ਮੁਕਤ ਸਰਕਾਰੀ ਪੈਨਸ਼ਨਰ ਨਹੀਂ ਹੋਣੀ ਚਾਹੀਦੀ। ਲਾਭਪਾਤਰੀ ਨੇ ਪਿਛਲੇ ਵਿੱਤੀ ਸਾਲ ਦੌਰਾਨ ਆਮਦਨ ਕਰ ਦਾ ਭੁਗਤਾਨ ਨਾ ਕੀਤਾ ਹੋਵੇ। ਇਸ ਤੋਂ ਇਲਾਵਾ, ਲਾਭਪਾਤਰੀ ਖੁਦ ਜਾਂ ਉਸ ਦਾ ਪਤੀ ਸੰਸਦ ਮੈਂਬਰ (ਐਮ.ਪੀ.), ਵਿਧਾਇਕ (ਐਮ.ਐਲ.ਏ.) ਜਾਂ ਕਿਸੇ ਹੋਰ ਸੰਵਿਧਾਨਕ ਜਾਂ ਚੁਣੇ ਹੋਏ ਜਨ ਪ੍ਰਤੀਨਿਧੀ ਦੇ ਅਹੁਦੇ ‘ਤੇ ਨਾ ਹੋਵੇ। ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਯੋਜਨਾ ਸਬੰਧੀ ਕੋਈ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਆਪਣੇ ਨਜ਼ਦੀਕੀ ਆਂਗਣਵਾੜੀ ਸੈਂਟਰ, ਸੀ.ਡੀ.ਪੀ.ਓ. ਦਫ਼ਤਰ ਜਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਪਟਿਆਲਾ ਨਾਲ ਸੰਪਰਕ ਕਰ ਸਕਦੇ ਹਨ।
