ਘਨੌਰ, 13 ਦਸੰਬਰ:
ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਨਗਰ ਪੰਚਾਇਤ ਘਨੌਰ ਵਿਖੇ ਵੋਟਾਂ ਤੋਂ ਬਾਅਦ ਈ.ਵੀ.ਐਮਜ਼ ਨੂੰ ਰੱਖਣ ਲਈ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਪੰਚਾਇਤ ਘਨੌਰ ਦੇ ਰਿਟਰਨਿੰਗ ਅਧਿਕਾਰੀ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ।
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆ ਈ.ਵੀ.ਐਮਜ਼ ਨੂੰ ਰੱਖਣ ਲਈ ਜ਼ਿਲ੍ਹੇ ਵਿੱਚ 13 ਸਟਰਾਂਗ ਰੂਮ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਵਿੱਚ ਸੁਰੱਖਿਆ ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀਸੀਟੀਵੀ ਕੈਮਰੇ ਸਮੇਤ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ 21 ਦਸੰਬਰ ਨੂੰ ਨਗਰ ਨਿਗਮ, ਨਗਰ ਕੌਂਸਲ ਸਨੌਰ ਸਮੇਤ ਨਗਰ ਪੰਚਾਇਤਾਂ ਘਨੌਰ, ਦੇਵੀਗੜ੍ਹ, ਭਾਦਸੋਂ ਤੇ ਘੱਗਾ ਦੀਆਂ ਆਮ ਚੋਣਾਂ ਤੋਂ ਇਲਾਵਾ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਇੱਕ-ਇੱਕ ਵਾਰਡ ਵਿੱਚ ਉਪ ਚੋਣ ਹੋ ਰਹੀ ਹੈ।