Home ਪਟਿਆਲਾ ਅਪਡੇਟ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ...

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ

0

ਪਟਿਆਲਾ, 27 ਫਰਵਰੀ:
ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਸਮੇਤ ਜ਼ਿਲ੍ਹਾ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਸਬ-ਡਵੀਜ਼ਨ ਪੱਧਰ ’ਤੇ  ਯੋਜਨਾ ਤਿਆਰ ਕਰਨ ਤੇ ਇਸ ਦੀ ਸੂਚਨਾ ਅੱਜ ਹੀ ਡਿਪਟੀ ਕਮਿਸ਼ਨ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ। ਇਸ ਮੌਕੇ ਏ.ਡੀ.ਸੀ ਇਸ਼ਾ ਸਿੰਗਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਾ.ਪ੍ਰੀਤੀ ਯਾਦਵ ਨੇ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਆਪਣੀ ਸਬ-ਡਵੀਜ਼ਨ ਦੇ ਮੁੜ ਵਸੇਬਾ ਕੇਂਦਰਾਂ ਅਤੇ ਓਟ ਸੈਂਟਰਾਂ ਦਾ ਦੌਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੈਂਟਰਾਂ ’ਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਸਮੇਤ ਦਵਾਈਆਂ, ਸਟਾਫ਼ ਤੇ ਹੋਰ ਲੋੜੀਂਦੀਆਂ ਜ਼ਰੂਰਤਾਂ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀ ਜਾਵੇ। ਉਨ੍ਹਾਂ ਇਲਾਜ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਨਿਯਮਤ ਤੌਰ ’ਤੇ ਫੀਡ ਬੈਕ ਲੈਣ ਦੀ ਹਦਾਇਤ ਵੀ ਕੀਤੀ।
ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ’ਚ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਇਹ ਕੈਂਪ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਉਜਾਗਰ ਕਰਨਗੇ ਅਤੇ ਨਸ਼ਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਮੁੜ ਵਸੇਬੇ ਲਈ ਉਤਸ਼ਾਹਿਤ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ।
ਡਾ. ਪ੍ਰੀਤੀ ਯਾਦਵ ਨੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਕਰਨ ਦੇ ਮਕਸਦ ਨਾਲ ਮੁੜ ਵਸੇਬਾ ਕੇਂਦਰਾਂ ਵਿੱਚ ਹੋਰ ਸਕਿੱਲ ਡਿਵੈਲਪਮੈਂਟ ਕੋਰਸ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ ਡੇਅਰੀ ਫਾਰਮਿੰਗ ਦਾ ਕੋਰਸ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਦਾਖਲ ਮਰੀਜ਼ਾਂ ਵੱਲੋਂ ਵੀ ਭਰਵਾ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਵੈ-ਨਿਰਭਰ ਬਣਾਉਣ ਤੇ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਡੇਅਰੀ ਫਾਰਮਿੰਗ, ਇਲੈਕਟ੍ਰੀਸ਼ੀਅਨ ਅਤੇ ਮੱਛੀ ਪਾਲਣ ਵਰਗੇ ਖੇਤਰਾਂ ਵਿੱਚ ਵੋਕੇਸ਼ਨਲ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੇ ਡਿਮਾਂਡ ਖਤਮ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version