Home ਪੰਜਾਬ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਾਤ ਭਾਸ਼ਾ ਨੂੰ ਸਮਰਪਿਤ ਸਮਾਗਮ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਾਤ ਭਾਸ਼ਾ ਨੂੰ ਸਮਰਪਿਤ ਸਮਾਗਮ

0

ਪਟਿਆਲਾ, 2 ਮਾਰਚ:
ਪੰਜਾਬ ਸਰਕਾਰ ਦੀ ਰਹਿਨੁਮਾਈ ਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਯੋਗ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਪੰਜਾਬੀ ਯੂਨੀਵਰਸਿਟੀ ਕਾਲਜ, ਘਨੌਰ ਦੇ ਸਹਿਯੋਗ ਨਾਲ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਭਾਸ਼ਾ ਵਿਭਾਗ ਤੋਂ ਡਾ. ਮਨਜਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ ਸਮੂਹ ਹਾਜ਼ਰ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਵਿੱਚ ਮੁੱਖ ਵਕਤਾ ਵਜੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬੀ ਯੂਨੀਵਰਸਿਟੀ ਤੋਂ ਡਾ. ਰਾਜਵੰਤ ਕੌਰ ਪੰਜਾਬੀ (ਸਹਾਇਕ ਪ੍ਰੋਫੈਸਰ,ਪੰਜਾਬੀ ਵਿਭਾਗ) ਨੇ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੇ ਵਿਭਿੰਨ ਪਹਿਲੂਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਮਾਤ ਭਾਸ਼ਾ ਵਿੱਚ ਸਿੱਖਿਆ ਗ੍ਰਹਿਣ ਕਰਨ ਦਾ ਸੁਨੇਹਾ ਦਿੱਤਾ।
ਇਸ ਮੌਕੇ ਤੇ ਡਾ. ਮਨਜਿੰਦਰ ਸਿੰਘ ਨੇ ਸਮਾਗਮ ਵਿੱਚ ਸਹਿਯੋਗ ਲਈ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਆਪਣੇ ਸੰਬੋਧਨ ਵਿੱਚ ਉਹਨਾਂ ਭਾਸ਼ਾ ਵਿਭਾਗ ਦੁਆਰਾ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਦਫ਼ਤਰ ਵਿਖੇ ਚੱਲ ਰਹੀਆਂ ਸਟੈਨੋ, ਸ਼ਾਰਟਹੈਂਡ ਤੇ ਉਰਦੂ ਆਮੋਜ਼ ਜਮਾਤਾਂ ਦੇ ਨਵੇਂ ਸੈਸ਼ਨਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।ਇਸ ਦੌਰਾਨ
ਭਾਸ਼ਾ ਮੰਚ ਵੱਲੋਂ ਬੱਚਿਆਂ ਦੇ ਗੁਰਮੁਖੀ ਕੈਲੀਗਰਾਫੀ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਅਮਨਦੀਪ ਕੌਰ ਨੇ ਪਹਿਲਾ, ਚੰਨਪ੍ਰੀਤ ਕੌਰ ਨੇ ਦੂਜਾ ਅਤੇ ਇੰਦਰਜੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਕਾਲਜ ਅਤੇ ਭਾਸ਼ਾ ਵਿਭਾਗ ਵੱਲੋਂ ਟਰਾਫ਼ੀ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਪਟਿਆਲਾ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ.ਲਖਵੀਰ ਸਿੰਘ, ਡਾ.ਰਾਜਵੰਤ ਕੌਰ ਪੰਜਾਬੀ ਅਤੇ ਡਾ. ਹਰਪ੍ਰੀਤ ਸਿੰਘ ਦਾ ਵਿਭਾਗੀ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨ ਕੀਤਾ ਗਿਆ।
ਸਮਾਗਮ ਦੇ ਅੰਤ ਉੱਤੇ ਡਾ. ਮਨਿੰਦਰ ਕੌਰ ਮੁਖੀ ਪੰਜਾਬੀ ਵਿਭਾਗ ਨੇ ਸਮਾਗਮ ਵਿੱਚ ਸਹਿਯੋਗ ਲਈ ਭਾਸ਼ਾ ਵਿਭਾਗ ਅਤੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।ਮੰਚ ਸੰਚਾਲਨ ਦੀ ਭੂਮਿਕਾ ਡਾ.ਹਰਪ੍ਰੀਤ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇ ਭਾਸ਼ਾ ਮੰਚ ਦੇ ਸਮੂਹ ਅਹੁਦੇਦਾਰ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕ ਅਤੇ ਐਨ.ਐਸ.ਐਸ ਵਾਲੰਟੀਅਰਜ ,ਭਾਸ਼ਾ ਦਫ਼ਤਰ ਤੋਂ ਸੀਨੀਅਰ ਸਹਾਇਕ ਨਵਨੀਤ ਕੌਰ ਸਣੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version