Home ਪੰਜਾਬ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 30 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰਿਆਂ...

ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 30 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰਿਆਂ ਸਬੰਧੀ ਏ.ਡੀ.ਸੀ. ਇਸ਼ਾ ਸਿੰਗਲ ਵੱਲੋਂ ਤਿਆਰੀਆਂ ਦਾ ਜਾਇਜ਼ਾ

0
ਪਟਿਆਲਾ, 20 ਮਾਰਚ:
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਸਥਾਨਕ ਸ੍ਰੀ ਕਾਲੀ ਦੇਵੀ ਜੀ ਮੰਦਿਰ ਵਿਖੇ 30 ਮਾਰਚ ਨੂੰ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਮਨਾਉਣ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਕੀਤੀ।
ਇਸ਼ਾ ਸਿੰਗਲ ਨੇ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ, ਧਰਮ ਅਰਥ ਬ੍ਰਾਂਚ ਦੇ ਇੰਚਾਰਜ ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਪੁਲਿਸ, ਨਗਰ ਨਿਗਮ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ, ਨਿਸ਼ਕਾਮ ਸੇਵਾ ਸੁਸਾਇਟੀ ਆਦਿ ਨਾਲ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਸੁਰੱਖਿਆ ਸਮੇਤ ਹੋਰ ਵਿਆਪਕ ਪ੍ਰਬੰਧਾਂ ‘ਤੇ ਚਰਚਾ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਜੀ ਤੇ ਰਾਜ ਰਾਜੇਸ਼ਵਰੀ ਜੀ ਮੰਦਿਰ ਦੀ ਪਟਿਆਲਾ ਤੇ ਪੰਜਾਬ ਸਮੇਤ ਦੇਸ਼-ਵਿਦੇਸ਼ਾਂ ਤੱਕ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਆਮ ਦਿਨਾਂ ਤੋਂ ਇਲਾਵਾ ਆਗਾਮੀ 30 ਮਾਰਚ ਤੋਂ 6 ਅਪ੍ਰੈਲ ਤੱਕ ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ।
ਏ.ਡੀ.ਸੀ. ਨੇ ਨਗਰ ਨਿਗਮ ਨੂੰ ਮੰਦਿਰ ਆਲੇ ਦੁਆਲੇ ਦੀ ਸਫ਼ਾਈ, ਫਾਇਰ ਟੈਂਡਰ, ਸਟਰੀਟ ਲਾਇਟਾਂ ਆਦਿ ਦੇ ਉਚੇਚੇ ਪ੍ਰਬੰਧ ਕਰਨ ਸਮੇਤ ਮੰਦਿਰ ਪ੍ਰਬੰਧਕਾਂ ਨੂੰ ਕਿਹਾ ਕਿ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਨਵਰਾਤਰਿਆਂ ਮੌਕੇ ਆਉਣ ਵਾਲੇ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲਗਾਏ ਜਾਂਦੇ ਲੰਗਰ ‘ਚ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸ਼ਰਧਾਲੂਆਂ ਦੀ ਸੁਖਾਵੀਂ ਆਵਾਜਾਈ ਲਈ ਪੁਖ਼ਤਾ ਪ੍ਰਬੰਧਾਂ ਬਾਰੇ ਵੀ ਕਿਹਾ ਗਿਆ।
ਇਸ਼ਾ ਸਿੰਗਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੇ ਐਸ.ਈ. ਹਰਕਿਰਨ ਸਿੰਘ ਸਮੇਤ ਬਿਜਲੀ ਨਿਗਮ, ਲੋਕ ਨਿਰਮਾਣ ਵਿਭਾਗ, ਜਨ ਸਿਹਤ, ਮਾਰਕੀਟ ਕਮੇਟੀ, ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
****************
ਫੋਟੋ ਕੈਪਸ਼ਨ-ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਨਰਾਤਿਆਂ ਦੇ ਸਬੰਧੀ ਅਗੇਤੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਇਸਮਿਤ ਵਿਜੈ ਸਿੰਘ ਤੇ ਹੋਰਨਾਂ ਨਾਲ ਮੀਟਿੰਗ ਕਰਦੇ ਹੋਏ।

NO COMMENTS

LEAVE A REPLY

Please enter your comment!
Please enter your name here

Exit mobile version