ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੜਾਕੇ ਦੀ ਧੁੱਪ ਕਰਕੇ ਪਾਰਾ 34 ਡਿਗਰੀ ਤੋਂ ਵੀ ਪਾਰ ਚਲਾ ਗਿਆ ਸੀ। ਪਰ ਹੁਣ ਇਸੇ ਵਿਚਾਲੇ ਮੌਸਮ ਵਿਚ ਅਚਾਨਕ ਤਬਦੀਲੀ ਆ ਗਈ ਹੈ, ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਹਲਕੀ ਠੰਢ ਦਾ ਵੀ ਅਹਿਸਾਸ ਹੋ ਰਿਹਾ ਹੈ। ਅਜਿਹਾ ਮੌਸਮ ਦੋ ਦਿਨਾਂ ਤੱਕ ਬਣਿਆ ਰਹਿ ਸਕਦਾ ਹੈ।ਮੌਸਮ ਵਿਚ ਇਹ ਬਦਲਾਅ ਜੰਮੂ-ਕਸ਼ਮੀਰ ਦੇ ਪਹਾੜਾਂ ‘ਚ ਤਾਜ਼ਾ ਬਰਫਬਾਰੀ ਤੋਂ ਬਾਅਦ ਵੇਖਣ ਨੂੰ ਮਿਲਿਆ, ਜਿਸ ਕਰਕੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਡਿੱਗਿਆ ਹੈ। 30 ਮਾਰਚ ਤੋਂ ਬਾਅਦ ਮੁੜ ਤੋਂ ਤਾਪਮਾਨ 3 ਤੋਂ 5 ਡਿਗਰੀ ਤੱਕ ਵਧੇਗਾ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 5.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।