Homeਪੰਜਾਬਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ...

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਟਿਆਲਾ, 14 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਧਮਕੀ ਅਤੇ ਦਹਿਸ਼ਤ ਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਕਿਉਂਕਿ ਲੋਕ ਉਨ੍ਹਾਂ ਦੇ ਫੁੱਟਪਾਊ ਅਤੇ ਸ਼ਰਾਰਤੀ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਐਤਵਾਰ ਨੂੰ ਇੱਕ ਬੇਬੁਨਿਆਦ ਅਤੇ ਤਰਕਹੀਣ ਬਿਆਨ ਦਿੱਤਾ ਸੀ ਕਿ ਸੂਬੇ ਵਿੱਚ 50 ਬੰਬ ਸਮਗਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 18 ਫਟ ਗਏ ਹਨ ਅਤੇ 32 ਹੋਰ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਤਰਕਹੀਣ ਬਿਆਨ ਦਾ ਉਦੇਸ਼ ਸਿਰਫ਼ ਲੋਕਾਂ ਨੂੰ ਡਰਾਉਣਾ ਅਤੇ ਉਨ੍ਹਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਸਹਿਣਯੋਗ ਅਤੇ ਗੈਰ-ਵਾਜਬ ਹੈ ਕਿਉਂਕਿ ਸੂਬੇ ਦੇ ਲੋਕ ਅਜਿਹੇ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਨਾ ਤਾਂ ਸੂਬਾਈ ਅਤੇ ਨਾ ਹੀ ਕੇਂਦਰੀ ਏਜੰਸੀਆਂ ਕੋਲ ਕੋਈ ਜਾਣਕਾਰੀ ਹੈ ਪਰ ਕਾਂਗਰਸੀ ਆਗੂ ਨੇ ਇਹ ਗਲਤ ਅਤੇ ਅਪ੍ਰਸੰਗਿਕ ਬਿਆਨ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਦਾਸੀਨ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਬੰਬਾਂ ਦੀ ਸਥਿਤੀ ਦੱਸਣ ਦੀ ਬਜਾਏ ਹੁਣ ਆਪਣੇ ਮਾੜੇ ਕੰਮ ਲਈ ਕਾਨੂੰਨ ਤੋਂ ਬਚਣ ਵਾਸਤੇ ਵਕੀਲਾਂ ਪਿੱਛੇ ਭੱਜ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਅਜਿਹੇ ਹੰਗਾਮੇ ਕਰਨ ਦੀ ਬਜਾਏ ਮੁੱਦਿਆਂ ‘ਤੇ ਆਧਾਰਿਤ ਰਾਜਨੀਤੀ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਤੋਂ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਮੰਨਣਾ ਸੀ ਕਿ ਉਨ੍ਹਾਂ ਨੂੰ ਸੂਬੇ ‘ਤੇ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਆਣੇ ਲੋਕਾਂ ਨੇ ਸੱਤਾ ਦੌਰਾਨ ਮਹਿਲਾਂ ਦਾ ਸੁੱਖ ਮਾਣਨ ਵਾਲੇ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਣ ਵਾਲੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਤੌਰ ‘ਤੇ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਢੁਕਵਾਂ ਸਬਕ ਸਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ ਅਤੇ ਆਪਣੇ ਆਪ ਨੂੰ ਆਪਣੇ ਘਰਾਂ ਦੀਆਂ ਉੱਚੀਆਂ ਕੰਧਾਂ ਵਿੱਚ ਕੈਦ ਕਰ ਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments