ਸਨੌਰ/ਪਟਿਆਲਾ, 2 ਮਈ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਵਿਧਾਇਕ ਹਲਕਾ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਨੇ ਸਰਕਾਰੀ ਹਾਈ ਸਕੂਲ ਪਿੱਪਲਖੇੜੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸੀਂਗਣ ’ਚ 14.5 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਵੱਧ ਬਜਟ ਸਿਹਤ, ਸਿੱਖਿਆ ਅਤੇ ਖੇਡਾਂ ਦਾ ਰੱਖਿਆ ਗਿਆ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਉੱਚ ਵਿਦਿਆ ਦਿੱਤੀ ਜਾ ਸਕੇ ਅਤੇ ਖੇਡ ਮੈਦਾਨਾਂ ਵੱਲ ਮੋੜ ਕੇ ਉਨ੍ਹਾਂ ਨੂੰ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਜਿਥੇ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉਥੇ ਹੀ ਪਿੰਡਾਂ ’ਚ ਖੇਡ ਨਰਸਰੀਆਂ ਵੀ ਬਣਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅੱਜ ਸਕੂਲਾਂ ਵਿਚ ਹਰ ਸਹੂਲਤ ਦਿੱਤੀ ਗਈ ਹੈ, ਟੱਚ ਸਕਰੀਨ, ਹੈੱਡ ਫ਼ੋਨ, ਨਵਾਂ ਫ਼ਰਨੀਚਰ ਤੇ ਹੋਰ ਸਹੂਲਤਾਂ ਦਿੱਤੀ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰਕੇ ਸੂਬੇ ਨੂੰ ਹੱਸਦਾ – ਵੱਸਦਾ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਬਲਜੀਤ ਸਿੰਘ ਝੂੰਗੀਆਂ, ਗੁਰਪ੍ਰੀਤ ਸਿੰਘ ਗੁਰੀ, ਜਨਕ ਰਾਜ, ਨੂਪੁਰ ਸੂਦ, ਮੁਖਵਿੰਦਰ ਸਿੰਘ ਤੇ ਸੰਜਨਾ ਗਰਗ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਮਾਪੇ ਹਾਜ਼ਰ ਸਨ।