ਨਾਭਾ/ਪਟਿਆਲਾ, 16 ਮਈ:
ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਉੜਤਾ ਪੰਜਾਬ ਤੋਂ ਬਦਲਦਾ ਪੰਜਾਬ ਤੱਕ ਦਾ ਸਫ਼ਰ ਤੈਅ ਕਰ ਲਿਆ ਹੈ ਤੇ ਬਹੁਤ ਜਲਦ ਸੂਬਾ ਰੰਗਲੇ ਪੰਜਾਬ ਨਾਲ ਜਾਣਿਆ ਜਾਣ ਲੱਗੇਗਾ। ਇਹ ਪ੍ਰਗਟਾਵਾਂ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡ ਕਕਰਾਲਾ ਤੇ ਛੀਟਾਂਵਾਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲੈਂਰਸ ਦੀ ਨੀਤੀ ਅਪਣਾਈ ਹੈ ਜਿਸ ਸਦਕਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀਆਂ ਕਾਰਵਾਈਆਂ ਵੀ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਬਿਲਕੁਲ ਬੰਦ ਕਰ ਦਿੱਤਾ ਹੈ ਤੇ ਹੁਣ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਸ਼ਾ ਛਡਾਊ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਮੁਹਿੰਮ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਪੂਰਨ ਤੌਰ ‘ਤੇ ਖਾਤਮੇ ਲਈ ਜ਼ਰੂਰੀ ਹੈ ਕਿ ਇਸ ਮੁਹਿੰਮ ਨੂੰ ਜਨ ਅੰਦੋਲਨ ਬਣਾਇਆ ਜਾਵੇ ਜੋ ਸਭ ਦੇ ਸਹਿਯੋਗ ਨਾਲ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਿੰਡ ਵਿੱਚ ਨਸ਼ਾ ਵੇਚਣ ਆਉਂਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਜਾਂ ਵਿਲੇਜ਼ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਦੇ ਸਕਦੇ ਹੋ ਅਤੇ ਜੇਕਰ ਕੋਈ ਪਿੰਡ ਦਾ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਉਸ ਨੂੰ ਪ੍ਰੇਰਿਤ ਕਰਕੇ ਨਸ਼ਾ ਛਡਾਊ ਕੇਂਦਰ ‘ਚ ਇਲਾਜ ਲਈ ਭੇਜਿਆ ਜਾਵੇ।
ਗੁਰਦੇਵ ਸਿੰਘ ਦੇਵ ਮਾਨ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਵਿੱਚ ਸਮਰਪਣ ਭਾਵਨਾ ਨਾਲ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਦੀ ਇਹ ਲੜਾਈ ਸਾਡੀ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਆ ਭਵਿੱਖ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਬੀ.ਡੀ.ਪੀ.ਓ. ਤੇ ਐਸ.ਐਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।