ਹੁਸ਼ਿਆਰਪੁਰ, 24 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ) – ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ ਮੰਡਿਆਲਾ ਪਿੰਡ ਵਿਚ ਵਾਪਰੀ ਐਲ.ਪੀ.ਜੀ ਧਮਾਕੇ ਦੀ ਘਟਨਾ ਵਿਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਵਿਚ ਸੁਖਜੀਤ ਸਿੰਘ, ਬਲਵੰਤ ਰਾਏ, ਧਰਮਿੰਦਰ ਵਰਮਾ, ਮਨਜੀਤ ਸਿੰਘ, ਵਿਜੇ, ਜਸਵਿੰਦਰ ਕੌਰ ਅਤੇ ਅਰਾਧਨਾ ਵਰਮਾ ਸ਼ਾਮਲ ਹਨ, ਜਦੋਂ ਕਿ ਜ਼ਖਮੀਆਂ ਵਿੱਚ ਹਰਬੰਸ ਲਾਲ, ਅਮਰਜੀਤ ਕੌਰ, ਸੁਖਜੀਤ ਕੌਰ, ਜੋਤੀ, ਗੁਰਮੁਖ ਸਿੰਘ, ਹਰਪ੍ਰੀਤ ਕੌਰ, ਕੁਸੁਮ, ਭਗਵਾਨ ਦਾਸ, ਸੀਤਾ, ਅਜੈ, ਸੰਜੇ, ਰਾਘਵ ਅਤੇ ਪੂਜਾ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਗੈਸ ਚੋਰੀ ਦੀਆਂ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਇਕ ਜ਼ਿਲ੍ਹਾ ਪੱਧਰੀ ਕਮੇਟੀ ਵੀ ਬਣਾਈ ਗਈ ਹੈ। ਇਸ ਕਮੇਟੀ ਦੀ ਅਗਵਾਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਕਰਨਗੇ ਅਤੇ ਕਾਰਜਕਾਰੀ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਹਿ-ਚੇਅਰਮੈਨ ਹੋਣਗੇ, ਜਦੋਂ ਕਿ ਪੁਲਿਸ ਵਿਭਾਗ, ਡਿਪਟੀ ਡਾਇਰੈਕਟਰ ਫੈਕਟਰੀਜ਼ ਅਤੇ ਸਬੰਧਤ ਬੀ.ਡੀ.ਪੀ.ਓ ਮੈਂਬਰ ਹੋਣਗੇ। ਇਹ ਕਮੇਟੀ ਜ਼ਿਲ੍ਹੇ ਭਰ ਵਿਚ ਦੋਸ਼ੀਆਂ ਵਿਰੁੱਧ ਚੌਕਸੀ, ਨਿਯਮਿਤ ਨਿਰੀਖਣ ਅਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਏਗੀ ਅਤੇ ਤੇਲ ਕੰਪਨੀਆਂ ਅਤੇ ਉਨ੍ਹਾਂ ਦੇ ਵਿਤਰਕਾਂ ਦੁਆਰਾ ਸੁਰੱਖਿਆ ਮਾਪਦੰਡਾਂ ਦੀ ਵੀ ਨਿਗਰਾਨੀ ਕਰੇਗੀ।
ਆਸ਼ਿਕਾ ਜੈਨ ਨੇ ਕਿਹਾ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਐਸ.ਡੀ.ਐਮ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਇਕ ਰਾਹਤ ਕਮੇਟੀ ਵੀ ਬਣਾਈ ਹੈ, ਜਦੋਂ ਕਿ ਇਸ ਦੇ ਮੈਂਬਰ ਕਾਰਜਕਾਰੀ ਇੰਜੀਨੀਅਰ (ਪੀ.ਡਬਲਯੂ.ਡੀ. ਬੀ ਐਂਡ ਆਰ), ਕਾਰਜਕਾਰੀ ਇੰਜੀਨੀਅਰ (ਪੀ ਪੀ ਸੀ ਬੀ), ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਅਤੇ ਸੁਪਰਡੈਂਟ ਐਮ.ਏ. ਸ਼ਾਖਾ ਹੋਣਗੇ। ਕਮੇਟੀ ਦੀ ਮੁੱਖ ਜ਼ਿੰਮੇਵਾਰੀ ਸਾਰੇ ਪ੍ਰਭਾਵਿਤ ਵਿਅਕਤੀਆਂ ਅਤੇ ਪਰਿਵਾਰਾਂ ਨੂੰ ਸਰਕਾਰ ਦੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੁਰੰਤ ਰਾਹਤ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ, ਵਿੱਤੀ ਸਹਾਇਤਾ, ਸਮੱਗਰੀ ਰਾਹਤ ਅਤੇ ਡਾਕਟਰੀ ਸਹਾਇਤਾ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੰਡਣਾਂ ਅਤੇ ਪ੍ਰਭਾਵਿਤਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਤੁਰੰਤ ਤਸਦੀਕ ਕਰਕੇ ਰਾਹਤ ਲਾਭ ਪ੍ਰਦਾਨ ਕਰਨਾ ਹੈ। ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਹਤ ਕਾਰਜਾਂ ਵਿਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਦੇ ਹੋਏ ਕੋਈ ਵੀ ਯੋਗ ਪੀੜਤ ਜਾਂ ਪਰਿਵਾਰ ਰਾਹਤ ਲਾਭਾਂ ਤੋਂ ਵਾਂਝਾ ਨਾ ਰਹੇ ਅਤੇ ਇਸ ਸਬੰਧੀ ਇਕ ਵਿਸਤ੍ਰਿਤ ਪਾਲਣਾ ਰਿਪੋਰਟ ਪੰਜ ਦਿਨਾਂ ਦੇ ਅੰਦਰ ਜਮ੍ਹਾ ਕੀਤੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅੱਜ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੇ ਨਾਲ ਮੰਡਿਆਲਾ ਪਹੁੰਚੇ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਾਦਸੇ ਤੋਂ ਪ੍ਰਭਾਵਿਤ ਹਰੇਕ ਪਰਿਵਾਰ ਨੂੰ ਪੂਰਾ ਇਨਸਾਫ਼ ਅਤੇ ਢੁਕਵਾਂ ਮੁਆਵਜ਼ਾ ਦੇਣ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ।







