ਚੰਡੀਗੜ੍ਹ 25 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ ਹੈ। ਪੰਜਾਬ ਦੇ ਲੋਕਾਂ ਦੇ ਨਾਂ ਇੱਕ ਲਿਖਤੀ ਸੰਦੇਸ਼ ਵਿੱਚ ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਇੱਕ ਹਫ਼ਤੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਮਾਨ ਨੇ ਕੇਂਦਰ ’ਤੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲੋਕਾਂ ਦਾ ਰਾਸ਼ਨ ਬੰਦ ਕਰਨ ਦਾ ਦੋਸ਼ ਲਗਾਇਆ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾ ਲਿਖਿਆ ਖੁੱਲ੍ਹਾ ਪੱਤਰ ਲਿਖਿਆ, ‘‘ਤੁਹਾਡਾ ਨਾਮ ਵੀ ਉਸ ਸੂਚੀ ਵਿੱਚ ਹੈ। ਹੁਣ ਤੱਕ ਪੰਜਾਬ ਵਿੱਚ 1.53 ਕਰੋੜ ਲੋਕ ਰਾਸ਼ਨ ਪ੍ਰਾਪਤ ਕਰ ਰਹੇ ਸਨ, ਪਰ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਇਹ ਸਹੂਲਤ ਖਤਮ ਕਰਨ ਦਾ ਫੈਸਲਾ ਕੀਤਾ ਹੈ।’’ ਮੁੱਖ ਮੰਤਰੀ ਨੇ ਕਿਹਾ, ‘‘ਹਰੇਕ ਤਿੰਨ ਗਰੀਬ ਪਰਿਵਾਰਾਂ ਵਿੱਚੋਂ ਇੱਕ ਨੂੰ ਰਾਸ਼ਨ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਹ ਸਿਰਫ਼ ਸਰਕਾਰੀ ਫੈਸਲਾ ਨਹੀਂ ਹੈ, ਇਹ ਪੰਜਾਬ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਪਰਿਵਾਰਾਂ ਦੀਆਂ ਥਾਲੀਆਂ ’ਤੇ ਸਿੱਧਾ ਹਮਲਾ ਹੈ।’’
ਮਾਨ ਨੇ ਦਾਅਵਾ ਕੀਤਾ ਕਿ ਜੁਲਾਈ ਤੋਂ ਕੇਂਦਰ ਸਰਕਾਰ ਨੇ ਪੰਜਾਬ ਦੇ 23 ਲੱਖ ਗਰੀਬ ਲੋਕਾਂ ਨੂੰ ਰਾਸ਼ਨ ਇਹ ਕਹਿ ਕੇ ਰੋਕ ਦਿੱਤਾ ਹੈ ਕਿ ਉਨ੍ਹਾਂ ਨੇ ਈ-ਕੇਵਾਈਸੀ ਅਮਲ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ, ‘‘ਭਾਜਪਾ ਸਤੰਬਰ ਤੋਂ ਕਰੀਬ 32 ਲੱਖ ਹੋਰ ਪੰਜਾਬੀਆਂ ਦਾ ਰਾਸ਼ਨ ਇਹ ਕਹਿ ਕੇ ਬੰਦ ਕਰਨ ਜਾ ਰਹੀ ਹੈ ਕਿ ਇਹ ਲੋਕ ਗਰੀਬ ਨਹੀਂ ਹਨ। ਭਾਜਪਾ ਕੁੱਲ 55 ਲੱਖ ਗਰੀਬ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ।’’
ਉਨ੍ਹਾਂ ਸਵਾਲ ਕੀਤਾ, ‘‘ਜ਼ਰਾ ਸੋਚੋ; ਅਸੀਂ, ਪੰਜਾਬ ਦੇ ਲੋਕ, ਅਨਾਜ ਉਗਾਉਂਦੇ ਹਾਂ ਅਤੇ ਪੂਰੇ ਦੇਸ਼ ਨੂੰ ਖੁਆਉਂਦੇ ਹਾਂ, ਅਤੇ ਅੱਜ ਕੇਂਦਰ ਸਰਕਾਰ ਉਸੇ ਪੰਜਾਬ ਦੀ ਥਾਲੀ ਵਿੱਚੋਂ ਰੋਟੀ ਦਾ ਇੱਕ ਟੁਕੜਾ ਖੋਹਣ ’ਤੇ ਤੁਲੀ ਹੋਈ ਹੈ। ਕੀ ਇਹ ਸਹੀ ਹੈ?।’’ ਮਾਨ ਨੇ ਮਾਪਦੰਡਾਂ ’ਤੇ ਸਵਾਲ ਉਠਾਉਂਦੇ ਹੋਏ ਕਿਹਾ, ‘‘ਭਾਜਪਾ ਕਹਿੰਦੀ ਹੈ ਕਿ ਇਨ੍ਹਾਂ ਵਿੱਚੋਂ ਕੁਝ ਲੋਕਾਂ ਕੋਲ ਕਾਰਾਂ ਹਨ, ਕੁਝ ਆਮਦਨ ਟੈਕਸ ਦਿੰਦੇ ਹਨ, ਕੁਝ ਕੋਲ 2.50 ਏਕੜ ਤੋਂ ਵੱਧ ਜ਼ਮੀਨ ਹੈ, ਅਤੇ ਕੁਝ ਪਰਿਵਾਰਾਂ ਕੋਲ ਨੌਕਰੀ ਹੈ – ਇਸ ਲਈ ਇਹ ਲੋਕ ਗਰੀਬ ਨਹੀਂ ਹਨ।’’
ਮੁੱਖ ਮੰਤਰੀ ਨੇ ਪੁੱਛਿਆ, ‘‘ਜੇਕਰ ਘਰ ਵਿੱਚ ਇੱਕ ਵਿਅਕਤੀ ਕੰਮ ਕਰਦਾ ਹੈ ਜਾਂ ਕਾਰ ਦਾ ਮਾਲਕ ਹੈ, ਤਾਂ ਕੀ ਪੂਰਾ ਪਰਿਵਾਰ ਅਮੀਰ ਹੋ ਜਾਂਦਾ ਹੈ? ਕੀ ਪੂਰੇ ਪਰਿਵਾਰ ਦੇ (ਰਾਸ਼ਨ) ਕਾਰਡ ਕੱਟਣਾ ਸਹੀ ਹੈ?।’’ ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਦੀ ਅਸਲੀਅਤ ਨੂੰ ਨਹੀਂ ਸਮਝਦੀ। ਉਨ੍ਹਾਂ ਦਾਅਵਾ ਕੀਤਾ ਕਿ ‘ਦਿੱਲੀ ਵਿੱਚ ਏਸੀ ਕਮਰਿਆਂ ਵਿੱਚ ਬੈਠ ਕੇ ਪਿੰਡਾਂ ਦੇ ਗਰੀਬ ਲੋਕਾਂ ਦੇ ਖਾਣੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।’’ ਉਨ੍ਹਾਂ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਪੰਜਾਬ ਸਰਕਾਰ ਨੂੰ ਹਰ ਪਰਿਵਾਰ ਦੀ ਅਸਲ ਸਥਿਤੀ ਦਾ ਪਤਾ ਲਗਾਉਣ ਦਾ ਮੌਕਾ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ, ‘‘ਸਹੀ ਤਸਦੀਕ ਤੋਂ ਬਿਨਾਂ ਰਾਸ਼ਨ ਕਾਰਡ ਬੰਦ ਕਰਨ ਦੇ ਇਸ ਹੁਕਮ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਕਿਸੇ ਵੀ ਬਹਾਨੇ ਪੰਜਾਬ ਤੋਂ ਬਦਲਾ ਲੈਣਾ ਚਾਹੁੰਦੀ ਹੈ।’’ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ‘ਤੁਹਾਡਾ ਭਰਾ ਭਗਵੰਤ ਮਾਨ ਤੁਹਾਡੇ ਨਾਲ ਹੈ।’
ਉਨ੍ਹਾਂ ਕਿਹਾ, ‘‘ਸਾਡੀ ਟੀਮ ਘਰ-ਘਰ ਜਾ ਕੇ ਹਰੇਕ ਪਰਿਵਾਰ ਦੀ ਸਥਿਤੀ ਦਾ ਪਤਾ ਲਗਾਏਗੀ। ਇਹ ਸਿਰਫ਼ ਰਾਸ਼ਨ ਲਈ ਲੜਾਈ ਨਹੀਂ ਹੈ, ਇਹ ਪੰਜਾਬੀਆਂ ਦੇ ਹੱਕਾਂ ਅਤੇ ਸਨਮਾਨ ਲਈ ਲੜਾਈ ਹੈ।’’ ਉਨ੍ਹਾਂ ਭਾਜਪਾ ’ਤੇ ਖੁੱਲ੍ਹੇਆਮ ਪੰਜਾਬ ਨਾਲ ‘ਧੱਕਾ’ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ, ‘‘ਜੇਕਰ ਭਾਜਪਾ ਦੇ ਮੈਂਬਰ ਤੁਹਾਡੇ ਪਿੰਡ ਜਾਂ ਘਰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਸਪੱਸ਼ਟ ਕਰੋ ਕਿ ਪੰਜਾਬੀ ਕਿਸੇ ਵੀ ਹਾਲਤ ਵਿੱਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ।’’
