ਪਠਾਨਕੋਟ, 24 ਅਗਸਤ: ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜ਼ਿਲਾ ਪਠਾਨਕੋਟ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਬਰਸਾਤ ਦੇ ਮੌਸਮ ਦੌਰਾਨ ਜਿਲ੍ਹੇ ਅੰਦਰ ਬਹਿਣ ਵਾਲੇ ਦਰਿਆ ਅਤੇ ਨਾਲੇ ਉਫਾਨ ਤੇ ਹਨ, ਇਸ ਲਈ ਲੋਕ ਇਹਨਾਂ ਦਰਿਆ ਅਤੇ ਨਾਲਿਆਂ ਦੇ ਕੰਡਿਆਂ ਤੋਂ ਦੂਰ ਰਹਿਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਦਰਿਆ ਦੇ ਕੰਢਿਆਂ ਦੇ ਨੇੜੇ ਨਾ ਰਹਿਣ ਅਤੇ ਦਰਿਆ ਵਿੱਚ ਕਿਸੇ ਵੀ ਤਰ੍ਹਾਂ ਰੁੜਨ ਵਾਲੀ ਚੀਜ਼ ਨੂੰ ਨਾ ਫੜਨ। ਉਹਨਾਂ ਨੇ ਕਿਹਾ ਕਿ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਜੇਕਰ ਕਿਤੇ ਹੜ ਵਾਲੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਫੋਨ ਨੰਬਰਾਂ 0186 2346944 ਤੇ ਸੂਚਿਤ ਕਰਨ ਤਾਂ ਉਨ੍ਹਾਂ ਨੂੰ ਫੋਰੀ ਸਹਾਇਤਾ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਹਨਾਂ ਦੀ ਮਦਦ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਨੇ ਕਿਹਾ ਕਿ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਪਿੰਡਾਂ ਦਾ ਕਲਸਟਰ ਬਣਾ ਕੇ ਸਹਾਇਤਾ ਕੇਂਦਰ ਬਣਾਏ ਗਏ ਹਨ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਰਵੀ, ਉੱਝ, ਜਲਾਲੀਆਂ, ਚੱਕੀ ਆਦਿ ਦਰਿਆ ਤੇ ਪੂਰੀ ਮੁਸਤੈਦ ਨਾਲ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਜ਼ਿਲੇ ਦੇ ਵਿੱਚ ਸਥਿਤੀ ਪੂਰੀ ਤਰ੍ਹਾਂ ਨਾਲ ਖਤਰੇ ਤੋਂ ਬਾਹਰ ਹੈ ਅਤੇ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫਵਾਵਾਂ ਤੋਂ ਸੁਚੇਤ ਰਹਿਣ।
