Homeਪੰਜਾਬਹੜ੍ਹਾਂ ਕਾਰਨ ਪੰਜਾਬ 'ਚ ਹਾਲਾਤ ਵਿਗੜੇ, ਫੌਜ ਬੁਲਾਈ, ਹਾਈ ਅਲਰਟ ਜਾਰੀ !!

ਹੜ੍ਹਾਂ ਕਾਰਨ ਪੰਜਾਬ ‘ਚ ਹਾਲਾਤ ਵਿਗੜੇ, ਫੌਜ ਬੁਲਾਈ, ਹਾਈ ਅਲਰਟ ਜਾਰੀ !!

ਕਰਤਾਰਪੁਰ ਸਾਹਿਬ ਗੁਰਦੁਆਰੇ ਵਿਚ 10 ਫੁੱਟ ਪਾਣੀ

ਕਰਤਾਰਪੁਰ ਸਾਹਿਬ , 27 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ):  ਪਾਕਿਸਤਾਨ ਵਿਚ ਰਾਵੀ ਨਦੀ ਦੇ ਵਧਦੇ ਪਾਣੀ ਨਾਲ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਅਤੇ ਕਰਤਾਰਪੁਰ ਲਾਂਘਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬੁੱਧਵਾਰ ਨੂੰ ਆਈਆਂ ਰਿਪੋਰਟਾਂ ਅਨੁਸਾਰ ਪੌਂਗ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਦਾ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਨਾਲ ਪੂਰਾ ਕੰਪਲੈਕਸ ਲਗਭਗ 10 ਫੁੱਟ ਪਾਣੀ ਵਿੱਚ ਡੁੱਬ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਅਤੇ ਤਸਵੀਰਾਂ ਤੋਂ ਪਤਾ ਚੱਲਿਆ ਕਿ ਗੁਰਦੁਆਰੇ ਦਾ ਕੇਂਦਰੀ ਹਿੱਸਾ ਪੂਰੀ ਤਰ੍ਹਾਂ ਡੁੱਬ ਗਿਆ।

ਕਰਤਾਰਪੁਰ ਗੁਰਦੁਆਰਾ ਸਾਹਿਬ ਵਿੱਚ ਭਰੇ ਪਾਣੀ ਦਾ ਦ੍ਰਿਸ਼

ਜਾਣਕਾਰੀ ਆ ਰਹੀ ਹੈ ਕਿ ਪਾਕਿਸਤਾਨ ਵਿਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ।

ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਮਗਰੋਂ ਰਾਵੀ ਤੇ ਬਿਆਸ ਦਰਿਆ ਵਿਚ ਵਧੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਲਪੇਟ ਵਿਚ ਲੈ ਲਿਆ ਹੈ। ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਫ਼ਾਜ਼ਿਲਕਾ ਤੇ ਫ਼ਿਰੋਜਪੁਰ ਦੇ ਕਰੀਬ 250 ਪਿੰਡ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ ਹਨ। ਪੰਜਾਬ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੱਤ ਜ਼ਿਲ੍ਹਿਆਂ ਨੂੰ ਹਾਈ ਅਲਰਟ ’ਤੇ ਕਰ ਦਿੱਤਾ ਹੈ ਜਿਨ੍ਹਾਂ ’ਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਸ਼ਾਮਲ ਹਨ।

ਸੂਬਾ ਸਰਕਾਰ ਨੇ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 27 ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਠਾਨਕੋਟ ਦੇ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਭਾਰਤੀ ਹਵਾਈ ਫ਼ੌਜ ਨੂੰ ਬੁਲਾ ਲਿਆ ਹੈ ਤੇ ਫ਼ੌਜ ਨੇ ਧਰੁਵ ਹੈਲੀਕਾਪਟਰ ਦੀ ਮਦਦ ਨਾਲ ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਪਿੰਡਾਂ ਵਿਚੋਂ ਦਰਜਨਾਂ ਵਿਅਕਤੀਆਂ ਨੂੰ ਏਅਰ ਲਿਫ਼ਟ ਵੀ ਕੀਤਾ ਹੈ। ਐਨਡੀਆਰਐਫ, ਐਸਡੀਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ

ਐਨ.ਡੀ.ਆਰ.ਐਫ. ਦੀਆਂ ਟੀਮਾਂ ਦੁਆਰਾ ਕਿਸ਼ਤੀਆਂ ਰਾਹੀਂ ਲੋਕਾਂ ਨੂੰ ਬਚਾਉਣ ਦਾ ਦ੍ਰਿਸ਼

ਐਨ.ਡੀ.ਆਰ.ਐਫ. ਦੀਆਂ ਟੀਮਾਂ ਨੇ ਕਿਸ਼ਤੀਆਂ ਰਾਹੀਂ ਹੜ੍ਹਾਂ ਕਾਰਨ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਭੋਜਨ, ਪਾਣੀ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਾਈ ਜਾ ਰਹੀ ਹੈ।

ਕਰੀਬ ਅੱਧੀ ਦਰਜਨ ਪੱਕੇ ਅਤੇ ਆਰਜ਼ੀ ਬੰਨ੍ਹ ਵੀ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਨਹੀਂ ਸਕੇ ਜਿਨ੍ਹਾਂ ’ਚ ਦੀਨਾਨਗਰ ਨੇੜੇ ਧੁੱਸੀ ਬੰਨ੍ਹ, ਸੁਲਤਾਨਪੁਰ ਲੋਧੀ ਨੇੜਲਾ ਆਰਜ਼ੀ ਬੰਨ੍ਹ, ਨਰੋਟ ਜੈਮਲ ਨੇੜੇ ਰਾਵੀ ਦਰਿਆ ’ਤੇ ਬਣਿਆ ਆਰਜ਼ੀ ਬੰਨ੍ਹ ਵੀ ਸ਼ਾਮਲ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਪੰਜਾਬ ’ਚ ਭਾਰੀ ਮੀਂਹ ਦੇ ਮੱਦੇਨਜ਼ਰ ਦਰਜਨ ਭਰ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ ਜਦਕਿ ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਸੰਗਰੂਰ, ਮਾਨਸਾ ਅਤੇ ਬਰਨਾਲਾ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments