ਪਟਿਆਲਾ, 8 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਅੱਜ ਪੰਜਾਬ ਵਿੱਚ ਹੜ੍ਹਾਂ ਕਾਰਨ ਛੁੱਟੀਆਂ ਤੋਂ ਬਾਅਦ ਸਕੂਲ ਮੁੜ ਖੁੱਲ੍ਹ ਗਏ। ਪਟਿਆਲਾ ਜ਼ਿਲ੍ਹੇ ਦੇ ਨਾਭਾ ਦੇ ਪਿੰਡ ਦੁਲਾਦੀ ਵਿੱਚ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਨੇੜਲੇ ਕਈ ਪਿੰਡਾਂ ਦੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ ਕਿ ਅਚਾਨਕ ਸਾਹਮਣੇ ਤੋਂ ਇੱਕ ਵਾਹਨ ਨੂੰ ਬਚਾਉਂਦੇ ਹੋਏ ਬੱਸ ਸੰਤੁਲਨ ਗੁਆ ਬੈਠੀ ਅਤੇ ਨਾਲੇ ਵਿੱਚ ਡਿੱਗ ਗਈ।
ਬੱਸ ਵਿੱਚ ਸਵਾਰ ਬੱਚਿਆਂ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਸ਼ੀਸ਼ਾ ਤੋੜ ਕੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਸਟਾਫ਼ ਮੌਕੇ ‘ਤੇ ਪਹੁੰਚ ਗਿਆ ਅਤੇ ਬੱਚਿਆਂ ਦੀ ਮਦਦ ਕੀਤੀ। ਖੁਸ਼ਕਿਸਮਤੀ ਨਾਲ, ਇਸ ਹਾਦਸੇ ਵਿੱਚ ਕੋਈ ਵੀ ਬੱਚਾ ਗੰਭੀਰ ਜ਼ਖਮੀ ਨਹੀਂ ਹੋਇਆ ਅਤੇ ਹਰ ਕੋਈ ਸੁਰੱਖਿਅਤ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਚੌਕੀ ਛੀਟਵਾਲਾ ਦੇ ਇੰਚਾਰਜ ਗੁਰਮੀਤ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।







