ਬਠਿੰਡਾ, 9 ਸਤੰਬਰ, 2025 (ਸ਼ਹੀਦ—ਏ—ਆਜ਼ਮ ਬਿਓਰੋ) : ਸ਼੍ਰੋਮਣੀ ਅਕਾਲੀ ਦਲ ਨੇ ਉਪ ਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ ਕਾਰਨ ਦੱਸਿਆ ਹੈ ਤੇ ਕਿਹਾ ਹੈ ਕਿ ਉਸਦੇ ਸੰਸਦ ਮੈਂਬਰ ਵੋਟਿੰਗ ਵਿੱਚ ਹਿੱਸਾ ਨਹੀਂ ਲੈਣਗੇ। ਧਿਆਨ ਰਹੇ ਕਿ ਇਸ ਵੇਲੇ ਅਕਾਲੀ ਦਲ ਕੋਲ ਸਿਰਫ਼ ਇੱਕ ਸੀਟ ਹੈ।
ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਕ ਮੀਟਿੰਗ ਦੌਰਾਨ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਉਹ ਅਤੇ ਉਹਨਾਂ ਦੀ ਪਾਰਟੀ ਦੇ ਵਰਕਰ ਉਪ ਰਾਸ਼ਟਰਪਤੀ ਚੋਣਾਂ ਵਿੱਚ ਵੋਟ ਨਹੀਂ ਪਾਉਣਗੇ। ਪਾਰਟੀ ਨੇ ਕਿਹਾ ਹੈ ਕਿ ਜਦੋਂ ਪੂਰਾ ਪੰਜਾਬ ਹੜ੍ਹਾਂ ਦੀ ਤਬਾਹੀ ਦਾ ਸਾਹਮਣਾ ਕਰ ਰਿਹਾ ਹੈ, ਤਾਂ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ‘ਤੇ ਧਿਆਨ ਕੇਂਦਰਿਤ ਕਰਨ।
ਅਕਾਲੀ ਦਲ ਨੇ ਉਪ-ਰਾਸ਼ਟਰਪਤੀ ਚੋਣ ਤੋਂ ਬਾਹਰ ਰਹਿਣ ਦਾ ਇੱਕ ਹੋਰ ਕਾਰਨ ਕੇਂਦਰ ਅਤੇ ਪੰਜਾਬ ਸਰਕਾਰ ਦੇ ਰਵੱਈਏ ਨੂੰ ਦੱਸਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੁਣ ਤੱਕ ਲੋੜੀਂਦੇ ਕਦਮ ਨਹੀਂ ਚੁੱਕੇ ਗਏ ਹਨ। ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ, ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਅਜਿਹੇ ਸਮੇਂ, ਚੋਣਾਂ ਵਿੱਚ ਹਿੱਸਾ ਲੈਣ ਦੀ ਬਜਾਏ, ਉਨ੍ਹਾਂ ਦਾ ਸਭ ਤੋਂ ਵੱਡਾ ਫਰਜ਼ ਪ੍ਰਭਾਵਿਤਾਂ ਦੀ ਮਦਦ ਕਰਨਾ ਹੈ।









