ਬਠਿੰਡਾ 12 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੱਲ ਰਹੇ ਮਾਣਹਾਨੀ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਭਾਰੀ ਝਟਕਾ ਲੱਗਾ ਹੈ। ਉਨ੍ਹਾਂ ਦੀ ਮਾਣਹਾਨੀ ਦੀ ਸ਼ਿਕਾਇਤ ਨੂੰ ਅਦਾਲਤ ਨੇ ਰੱਦ ਕਰਨ ਦੀ ਪਟੀਸ਼ਨ ਰੱਦ ਕਰ ਦਿੱਤਾ ਹੈ। ਮਾਮਲਾ 2021 ਦਾ ਹੈ ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਉਸ ਸਮੇਂ ਦੌਰਾਨ, ਕੰਗਨਾ ਨੇ ਟਵੀਟ ਕਰਕੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ 100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ। ਮਹਿੰਦਰ ਕੌਰ ਨੇ ਇਸ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ।
ਕੰਗਨਾ ਨੇ ਕਿਹਾ ਕਿ ਉਸਨੇ ਸਿਰਫ਼ ਵਕੀਲ ਦੀ ਪੋਸਟ ਦੁਬਾਰਾ ਪੋਸਟ ਕੀਤੀ ਸੀ। ਕੰਗਨਾ ਦੇ ਟਵੀਟ ਤੋਂ ਬਾਅਦ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਹ ਸੁਣਵਾਈ ਲਗਭਗ 13 ਮਹੀਨੇ ਚੱਲੀ, ਜਿਸ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦਾ ਹੁਕਮ ਦਿੱਤਾ।
ਕੰਗਨਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਰਾਹਤ ਲਈ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ ਅਤੇ ਕੇਸ ਦੀ ਸੁਣਵਾਈ ਅੱਗੇ ਪਾ ਦਿੱਤੀ ਹੈ।







