ਚੰਡੀਗੜ੍ਹ, 17 ਸਤੰਬਰ 2025- ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਸੰਦੀਪ ਸਿੰਘ ਸੰਨੀ ਦਾ ਬੀਤੇ ਦਿਨੀਂ ਜੇਲ੍ਹ ਵਿੱਚ ਸੇਵਾਮੁਕਤ ਪੁਲਿਸ ਅਧਿਕਾਰੀਆਂ ਨਾਲ ਝਗੜਾ ਹੋ ਗਿਆ ਸੀ ਜਿਸ ਵਿੱਚ ਤਿੰਨ ਸੇਵਾਮੁਕਤ ਪੁਲਿਸ ਅਧਿਕਾਰੀਆਂ ਅਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਦੌਰਾਨ ਹੁਣ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਸੰਨੀ ਵੱਲੋਂ ਸੇਵਾਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਹਮਲਾ ਕੀਤਾ ਗਿਆ ਸੀ। ਸੇਵਾ ਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਨੂੰ ਸੀ.ਬੀ.ਆਈ. ਅਦਾਲਤ ਵੱਲੋਂ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।
ਦੱਸਣਾ ਬਣਦਾ ਹੈ ਕਿ ਫੇਕ ਐਨਕਾਊਂਟਰ ਮਾਮਲੇ ਵਿੱਚ ਸੇਵਾ ਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਨੂੰ ਸੀ.ਬੀ.ਆਈ. ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਦੱਸ ਦਈਏ ਕਿ ਸੰਦੀਪ ਸਿੰਘ ਸੰਨੀ ਉਹ ਵਿਅਕਤੀ ਹੈ, ਜਿਸ ਨੇ ਹਿੰਦੂ ਲੀਡਰ ਸੁਧੀਰ ਸੂਰੀ ਦਾ 4 ਨਵੰਬਰ 2022 ਨੂੰ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਮੌਕੇ ਤੋਂ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਵੇਲੇ ਤੋਂ ਹੀ ਉਹ ਜੇਲ੍ਹ ਦੇ ਅੰਦਰ ਬੰਦ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸਾਫੀ ਵਾਲਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਜ਼ੇਲ੍ਹ ਵਿਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਭਾਈ ਸੰਦੀਪ ਸਿੰਘ ਦੀ ਮਾਰਕੁਟਾਈ ਕਰਨਾ ਅਤੇ ਉਸ ਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਨਾ ਦੇਣਾ ਚਿੰਤਾਜਨਕ ਹੈ।
