ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪ੍ਰਸ਼ਾਸਨਿਕ ਅਧਿਕਾਰੀ ਅਪਣੀ ਹੱਦ ਵਿੱਚ ਰਹਿਣ: – ਰਾਜੂ ਖੰਨਾ
ਨਾਭਾ, 26 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪੁੱਜੇ। ਉਹਨਾਂ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਰਕਰ ਤੇ ਆਗੂ ਜੇਲ੍ਹ ਅੱਗੇ ਪੁੱਜੇ ਤਾਂ ਉਥੇ ਮੌਜੂਦ ਨਾਭਾ ਪੁਲਿਸ ਪ੍ਰਸ਼ਾਸਨ ਵਲੋਂ ਅਕਾਲੀ ਆਗੂਆਂ ਨਾਲ ਧੱਕਾਮੁੱਕੀ ਕਰਦੇ ਹੋਏ ਜਿਥੇ ਬਦਸਲੂਕੀ ਕੀਤੀ ਗਈ ਉਥੇ ਪੱਤਰਕਾਰਾਂ ਤੱਕ ਨੂੰ ਵੀ ਨਹੀਂ ਬਖਸ਼ਿਆ।
ਜਦੋਂ ਇਸ ਮਾਮਲੇ ਸਬੰਧੀ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅੱਜ ਪੁਲਿਸ ਪ੍ਰਸ਼ਾਸਨ ਸਰਕਾਰ ਦਾ ਹੱਥ ਠੋਕਾ ਬਣ ਕਿ ਕੋਝੀਆਂ ਹਰਕਤਾਂ ਕਰ ਰਿਹਾ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਆਗੂ ਸ਼ਾਂਤਮਈ ਢੰਗ ਨਾਲ ਸ. ਸੁਖਬੀਰ ਸਿੰਘ ਬਾਦਲ ਦੀ ਉਡੀਕ ਜੇਲ੍ਹ ਦੇ ਬਾਹਰ ਕਰ ਰਹੇ ਹਨ।
ਉਹਨਾਂ ਕਿਹਾ ਕਿ ਕਦੇ ਵੀ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਸਰਕਾਰ ਦਾ ਮਾਣ ਨਹੀਂ ਕਰਨਾ ਚਾਹੀਦਾ ਕਿਉਂ ਕਿ ਸਰਕਾਰਾਂ ਤਾ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ। ਰਾਜੂ ਖੰਨਾ ਨੇ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਨਾਭਾ ਜੇਲ੍ਹ ਅੱਗੇ ਅਕਾਲੀ ਵਰਕਰਾਂ ਤੇ ਆਗੂਆਂ ਤੇ ਪੱਤਰਕਾਰਾਂ ਨਾਲ ਕੀਤੀ ਗਈ ਬਦਸਲੂਕੀ ਦਾ ਮਾਮਲਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਵੀ ਲਿਆਂਦਾ। ਜਿਸ ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਮਾ ਆਉਣ ਤੇ ਇਹਨਾਂ ਸਰਕਾਰ ਦੇ ਹੱਥਠੋਕੇ ਮੁਲਾਜ਼ਮਾਂ ਨੂੰ ਪਾਈ-ਪਾਈ ਦਾ ਹਿਸਾਬ ਦੇਣਾ ਪਵੇਗਾ।
