Home ਦੇਸ਼ ਕੀ ਨਤੀਜਾ ਲਿਆਏਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ...

ਕੀ ਨਤੀਜਾ ਲਿਆਏਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ

0

1600 ਕਰੋੜ ਦੇ ਐਲਾਨ ਅਤੇ ਹੜ੍ਹਾਂ ਦੇ ਨੁਕਸਾਨਾਂ ਦਾ ਹੋਇਆ ਜ਼ਿਕਰ


ਨਵੀਂ ਦਿੱਲੀ, 1 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।  ਇਸੇ ਦੌਰਾਨ ਉਹਨਾਂ ਨੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਰੁਪਏ ਦਾ ਵੀ ਜ਼ਿਕਰ ਕੀਤਾ

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਗ੍ਰਹਿ ਮੰਤਰੀ ਨੂੰ ਕਿਹਾ ਕਿ ਤੁਸੀਂ ਉਹ ਕਹਾਵਤ ਸੁਣੀ ਹੈ ‘ਊਠ ਦੇ ਮੂੰਹ ’ਚ ‘ਜ਼ੀਰਾ’ ਮਾਫ਼ ਕਰਨਾ! ਪ੍ਰਧਾਨ ਮੰਤਰੀ ਸਾਹਿਬ ਨੇ ਜੋ 1600 ਕਰੋੜ ਦਾ ਐਲਾਨ ਕੀਤਾ ਸੀ ਇਸ ਤੇ ਢੁਕਵੀਂ ਉਤਰਦੀ ਹੈ। ਅੱਗੋਂ ਅਮਿਤ ਸ਼ਾਹ ਨੇ ਇਸਦੇ ਜਵਾਬ ਵਿਚ ਕਿਹਾ ਕਿ “ਇਹ ਸਿਰਫ਼ ਟੋਕਨ ਮਨੀ ਹੈ। ਗ੍ਰਹਿ ਮੰਤਰੀ ਨੇ ਭਗਵੰਤ ਮਾਨ ਜੀ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਹੋਰ ਸਹਾਇਤਾ ਦਾ ਐਲਾਨ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਵਾਰ-ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਸਮਾਂ ਮੰਗ ਰਹੇ ਸਨ। ਹਾਲਾਂਕਿ, ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ। ਹੜ੍ਹਾਂ ਲਈ ਬੁਲਾਏ ਗਏ ਵਿਸ਼ੇਸ਼ ਸੈਸ਼ਨ ਵਿੱਚ ਪੀਐਮਓ ਦੀ ਨਿੰਦਾ ਦਾ ਮਤਾ ਵੀ ਪਾਸ ਕੀਤਾ ਗਿਆ ਸੀ।

ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਦਹਾਕਿਆਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇਕ ਦਾ ਸਾਹਮਣਾ ਕੀਤਾ ਹੈ, ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, 6.87 ਲੱਖ ਲੋਕ ਬੇਘਰ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਫ਼ਤ ਨੇ ਵਿਆਪਕ ਨੁਕਸਾਨ ਪਹੁੰਚਾਇਆ ਹੈ ਕਿਉਂਕਿ 4.8 ਲੱਖ ਏਕੜ ਤੋਂ ਵੱਧ ਫਸਲਾਂ ਤਬਾਹ ਹੋ ਗਈਆਂ ਹਨ, 17,000 ਤੋਂ ਵੱਧ ਘਰ ਨੁਕਸਾਨੇ ਗਏ ਹਨ, 2.5 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ ਅਤੇ 4657 ਕਿਲੋਮੀਟਰ ਪੇਂਡੂ ਸੜਕਾਂ, 485 ਪੁਲਾਂ, 1417 ਪੁਲੀਆਂ ਅਤੇ 190 ਮੰਡੀਆਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਕਈ ਥਾਵਾਂ `ਤੇ ਹੜ੍ਹ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਂਦੇ ਹਨ ਪਰ ਸੂਬਾ ਸਰਕਾਰ ਕੋਲ ਫੰਡਾਂ ਦੀ ਘਾਟ ਹੋਣ ਕਾਰਨ ਅੰਤਰਰਾਸ਼ਟਰੀ ਸਰਹੱਦਾਂ `ਤੇ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਫੰਡ ਮੁਹੱਈਆ ਕਰਾਉਣੇ ਸੰਭਵ ਨਹੀਂ ਹਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਬੀ.ਐਸ.ਐਫ. ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਸ ਗੱਲ ਉੱਤੇ ਧਿਆਨ ਦਿਵਾਇਆ ਗਿਆ ਹੈ ਕਿ ਬੀ.ਐਸ.ਐਫ. ਵੱਲੋਂ ਸੰਭਾਲੀਆਂ ਗਈਆਂ ਬਾਰਡਰ ਚੌਕੀਆਂ ਨੂੰ ਹੜ੍ਹ ਤੋਂ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਰਡਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਬੀ.ਐਸ.ਐਫ. ਤੋਂ ਇਕੱਠੇ ਕੀਤੇ ਪ੍ਰੋਜੈਕਟਾਂ ਦੀ ਸੂਚੀ ਪ੍ਰਦਾਨ ਕੀਤੀ ਹੈ, ਜਿਨ੍ਹਾਂ ਨੂੰ ਹੜ੍ਹਾਂ ਤੋਂ ਤੁਰੰਤ ਸੁਰੱਖਿਆ ਦੀ ਲੋੜ ਹੈ। ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਸਾਡੀ ਗੱਲ ਸੁਣੀ ਅਤੇ ਪੰਜਾਬ ਨੂੰ ਹੋਰ ਮਦਦ ਦਾ ਭਰੋਸਾ ਦਿੱਤਾ।

Exit mobile version