ਚੰਡੀਗੜ੍ਹ: ਅੱਜ ਕੱਲ ਚੀਫ ਜਸਟਿਸ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਉਨ੍ਹਾਂ ’ਤੇ ਜੁੱਤੀ ਸੁੱਟਣ ਦਾ ਮਾਮਲਾ ਬਹੁਤ ਚਰਚਾ ਵਿਚ ਹੈ ਜੋ ਇੱਕ ਨਿੰਦਣਯੋਗ ਹਰਕਤ ਹੈ। ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕੀਤੀ ਹੈ।
ਰਜਿੰਦਰ ਗੁਪਤਾ ਵੱਲੋਂ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਇੱਥੋਂ ਤੱਕ ਕਿ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਇੱਕ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ ‘ਤੇ ਪਹੁੰਚੇ ਹਨ ਅਤੇ ਅਜਿਹਾ ਘਿਨਾਉਣਾ ਕਾਰਾ ਸੱਚਮੁੱਚ ਨਿੰਦਣਯੋਗ ਹੈ।
