ਭਗਵੰਤ ਸਿੰਘ ਮਾਨ ਵੱਲੋਂ “ਗ੍ਰੀਨ ਦੀਵਾਲੀ” ਮਨਾਉਣ ਦੀ ਅਪੀਲ
ਚੰਡੀਗੜ੍ਹ, 11 ਅਕਤੂਬਰ: ਤਿਉਹਾਰਾਂ ਦੇ ਚੱਲਦੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਸਮੁੱਚੀ ਲੋਕਾਈ ਨੂੰ ਤਿਉਹਾਰਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ-ਭੈਅ ਦੇ ਸਾਰੇ ਤਿਉਹਾਰਾਂ ਨੂੰ ਪੂਰੇ ਰੀਤੀ-ਰਿਵਾਜ਼, ਧਾਰਮਿਕ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ। ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਸ ਦੀ ਜਾਂਚ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਵਪਾਰੀਆਂ ਨੂੰ ਵੀ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੇਚੀਆਂ ਜਾਣ ਵਾਲੀਆਂ ਮਠਿਆਈਆਂ ਅਤੇ ਹੋਰ ਸਾਮਾਨ ਮਿਲਾਵਟ ਰਹਿਤ ਅਤੇ ਉੱਚ ਗੁਣਵੱਤਾ ਵਾਲਾ ਹੋਵੇ। ਤੰਦਰੁਸਤ ਸਿਹਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜੈਵਿਕ ਉਤਪਾਦਾਂ ਨੂੰ ਅਪਨਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਇਨ੍ਹਾਂ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਪੰਜਾਬ ਦੇ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ-ਦੀਵਾਲੀ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਅਤੇ ਵਾਤਾਵਰਣ ਅਨੁਕੂਲ “ਗ੍ਰੀਨ ਦੀਵਾਲੀ” ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ‘ਤੇ ਅਕਸਰ ਪਟਾਕਿਆਂ ਕਾਰਨ ਅੱਖਾਂ ‘ਤੇ ਪ੍ਰਭਾਵ ਪੈਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਇਸ ਲਈ ਲੋਕ ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਆਪਣਾ ਵੱਧ ਤੋਂ ਵੱਧ ਬਚਾਅ ਰੱਖਣ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਸੂਬੇ ਦੇ ਹਰ ਨਾਗਰਿਕ ਲਈ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇਗਾ।
