ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੂਰਨ ਕੁਮਾਰ ਦਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ ਅਤੇ ਇਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੂਰਨ ਕੁਮਾਰ ਦੀ ਪਤਨੀ ਪੰਜਾਬ ਦੀ ਧੀ ਹੈ ਅਤੇ ਪੰਜਾਬ ਸਰਕਾਰ ਉਸਦੇ ਨਾਲ ਪੂਰੀ ਹਮਦਰਦੀ ਨਾਲ ਖੜ੍ਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ IPS ਤੇ IAS ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਲਈ ਆਵਾਜ਼ ਉਠਾਉਣੀ ਪੈ ਰਹੀ ਹੈ, ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਦਲਿਤ ਪਰਿਵਾਰਾਂ ਨਾਲ ਹੋ ਰਹੀ ਅਨਿਆਇਕਤਾ ਸਮਾਜ ਲਈ ਸ਼ਰਮਨਾਕ ਹੈ ਅਤੇ ਇਹ ਪ੍ਰਵਿਰਤੀ ਰੋਕਣੀ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਚੀਫ਼ ਜਸਟਿਸ ਤੱਕ ਨੂੰ ਸੋਸ਼ਲ ਮੀਡੀਆ ’ਤੇ ਟਰੋਲ ਕੀਤਾ ਜਾ ਰਿਹਾ ਹੈ, ਜੋ ਲੋਕਤੰਤਰ ਲਈ ਖਤਰਨਾਕ ਸੰਕੇਤ ਹੈ।
ਮੁੱਖ ਮੰਤਰੀ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਇਨਸਾਫ਼ ਦੀ ਖੁੱਲ੍ਹੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਵੀ ਇਸ ਮਾਮਲੇ ਵਿੱਚ ਦਖ਼ਲ ਦੇਣ ਲਈ ਕਿਹਾ ਗਿਆ ਹੈ, ਤਾਂ ਜੋ ਪੂਰਨ ਕੁਮਾਰ ਦੇ ਪਰਿਵਾਰ ਨੂੰ ਨਿਆਂ ਮਿਲ ਸਕੇ।







