ਗੁਰਮਤਿ ਸਮਾਗਮ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ
ਅੰਮ੍ਰਿਤਸਰ, 13 ਅਕਤੂਬਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿੱਚ ਹੋਵੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ 350 ਸਾਲਾ ਸ਼ਤਾਬਦੀ ਸਮਾਰੋਹਾਂ ਸਬੰਧੀ ਗੁਰਮਤਿ ਸਮਾਗਮ 23 ਤੋਂ 29 ਨਵੰਬਰ ਤੱਕ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦੇ ਸੰਬੰਧ ਵਿੱਚ ਜੰਮੂ-ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਲਦੀ ਉਥੋਂ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਹੁਣ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਸੋਸ਼ਲ ਮੀਡੀਆ ਉੱਤੇ ਸਿੱਖ ਵਿਰੋਧੀ ਸਮਗਰੀ ਦੇ ਖ਼ਿਲਾਫ਼ ਡਿਜੀਟਲ ਟਾਸਕ ਫੋਰਸ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਫੋਰਸ ਸਿੱਖ ਧਰਮ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੁੜੀ ਗਲਤ ਜਾਂ ਗੁੰਮਰਾਹਕੁੰਨ ਜਾਣਕਾਰੀ ਦੀ ਪਛਾਣ ਤੇ ਕਾਰਵਾਈ ਕਰੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁਲਾਜ਼ਮਾਂ ਲਈ ਤਿੰਨ ਫੀਸਦੀ ਮਹਿੰਗਾਈ ਭੱਤੇ (DA) ਵਧਾਉਣ ਦਾ ਐਲਾਨ ਵੀ ਕੀਤਾ।
ਇਸ ਨਾਲ SGPC ਦੇ ਅਧੀਨ ਕੰਮ ਕਰਦੇ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਮੁੰਬਈ ਦੇ ਮਾਟੂੰਗਾ ਵਿਖੇ ਚੱਲ ਰਹੇ ਗੁਰੂ ਨਾਨਕ ਖਾਲਸਾ ਕਾਲਜ ਨੂੰ ਯੂਨੀਵਰਸਿਟੀ ਦਾ ਦਰਜਾ ਦੇਣ ਲਈ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਲੰਮੇ ਸਮੇਂ ਤੋਂ ਸਿੱਖ ਸਿੱਖਿਆ ਦੇ ਪ੍ਰਚਾਰ ਲਈ ਯੋਗਦਾਨ ਪਾ ਰਿਹਾ ਹੈ ਅਤੇ ਹੁਣ ਇਸ ਨੂੰ ਵਿਦਿਆ ਦੇ ਵੱਡੇ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ, ਪ੍ਰਤਾਪ ਸਿੰਘ (ਓਐਸਡੀ), ਸੁਖਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਵੀ ਹਾਜ਼ਰ ਸਨ।
