ਫਿਰੋਜ਼ਪੁਰ : ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਵੱਡਾ ਨਸ਼ਾ ਤਸਕਰੀ ਮਾਮਲਾ ਬੇਨਕਾਬ ਹੋਇਆ ਹੈ। ਬੀ.ਓ.ਪੀ. ਪਛੜੀਆ ਚੌਕੀ ‘ਤੇ ਗਸ਼ਤ ਕਰ ਰਹੀ 99ਵੀਂ ਬਟਾਲੀਅਨ ਦੀ ਟੀਮ ਨੇ ਦਰਵੇਸ਼ਕੇ ਪਿੰਡ ਦੇ ਖੇਤਾਂ ਵਿੱਚੋਂ ਅਰਸ਼ਦੀਪ ਸਿੰਘ ਨਾਂ ਦੇ ਨੌਜਵਾਨ ਨੂੰ 562 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਥਾਣਾ ਸਦਰ ਫਿਰੋਜ਼ਪੁਰ ਦੇ ਇੰਸਪੈਕਟਰ ਗੁਰਵਿੰਦਰ ਕੁਮਾਰ ਦੇ ਅਨੁਸਾਰ, ਗ੍ਰਿਫ਼ਤਾਰ ਤਸਕਰ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਸਦੇ ਦੋ ਸਾਥੀ — ਜਸਵੰਤ ਸਿੰਘ ਅਤੇ ਗਗਨ ਸਿੰਘ — ਵੀ ਇਸ ਤਸਕਰੀ ਜਾਲ ਦਾ ਹਿੱਸਾ ਹਨ। ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ ਹੋਰ ਹੈਰੋਇਨ ਬਰਾਮਦ ਕੀਤੀ।
ਤਿੰਨਾਂ ਤੋਂ ਕੁੱਲ 3 ਕਿਲੋ 716 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ ₹18.58 ਕਰੋੜ ਦੱਸੀ ਜਾ ਰਹੀ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇੰਸਪੈਕਟਰ ਗੁਰਵਿੰਦਰ ਕੁਮਾਰ ਨੇ ਕਿਹਾ ਕਿ ਗ੍ਰਿਫ਼ਤਾਰ ਤਸਕਰਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਗਿਰੋਹ ਦੇ ਹੋਰ ਮੈਂਬਰਾਂ ਤੱਕ ਪਹੁੰਚ ਕੀਤੀ ਜਾ ਸਕੇ।







