Home ਦੇਸ਼ ‘ਚਰਨ ਸੁਹਾਵੇ ਗੁਰ ਚਰਨ ਯਾਤਰਾ’ ਨਵੀਂ ਦਿੱਲੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ...

‘ਚਰਨ ਸੁਹਾਵੇ ਗੁਰ ਚਰਨ ਯਾਤਰਾ’ ਨਵੀਂ ਦਿੱਲੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰਵਾਨਾ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੰਗਤਾਂ ਨੂੰ ਅਪੀਲ -ਜਿਥੋਂ-ਜਿਥੋਂ ਇਹ ਪਵਿਤ੍ਰ ਯਾਤਰਾ ਗੁਜ਼ਰੇ, ਉਥੇ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਕੇ ਜੋੜਾ ਸਾਹਿਬ ਦੇ ਦਰਸ਼ਨ ਕਰਣ।


ਨਵੀਂ ਦਿੱਲੀ, 24 ਅਕਤੂਬਰ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ’ ਨੂੰ ਲੈ ਕੇ ਚਰਨ ਸੁਹਾਵੇ ਗੁਰ ਚਰਨ ਯਾਤਰਾ ਅੱਜ ਨਵੀਂ ਦਿੱਲੀ ਦੇ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਈ।

ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁੰਦਰ ਢੰਗ ਨਾਲ ਸਜਾਈ ਗਈ ਗੱਡੀ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਾਰੇ ਪੰਥਕ ਜਥੇਬੰਦੀਆਂ ਵੱਲੋਂ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਗੁਰੂ ਸਾਹਿਬ ਦੇ ਜੋੜਾ ਸਾਹਿਬ ਨੂੰ ਪੰਥ ਦੇ ਸਪੁਰਦ ਕਰਨ ਦਾ ਫੈਸਲਾ ਕੀਤਾ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਮਾਰਸ਼ਲ ਏ.ਪੀ. ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸਰਦਾਰ ਅਮਰਜੀਤ ਸਿੰਘ ਚਾਵਲਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

ਯਾਤਰਾ ਨਗਰ ਕੀਰਤਨ ਦੇ ਰੂਪ ਵਿਚ ਅੱਜ ਰਾਤ ਫਰੀਦਾਬਾਦ ਪਹੁੰਚੇਗੀ, ਜਿਥੋਂ ਇਹ ਕੱਲ੍ਹ ਆਗਰਾ ਲਈ ਰਵਾਨਾ ਹੋਵੇਗੀ। 25 ਅਕਤੂਬਰ ਨੂੰ ਆਗਰਾ ਤੋਂ ਬਰੇਲੀ, 26 ਨੂੰ ਮਹਾਨਗਾਪੁਰ, 27 ਨੂੰ ਲਖਨਊ, 28 ਨੂੰ ਕਾਨਪੁਰ, 29 ਨੂੰ ਪ੍ਰਿਆਗਰਾਜ, 30 ਨੂੰ ਵਾਰਾਨਸੀ ਤੇ ਸਾਸਾਰਾਮ ਰਾਹੀਂ ਗੁਜ਼ਰਦੀ ਹੋਈ, ਇਹ 31 ਅਕਤੂਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ, ਪਟਨਾ ਸਾਹਿਬ ਪਹੁੰਚੇਗੀ ਅਤੇ 1 ਨਵੰਬਰ ਦੀ ਸਵੇਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਮਾਪਤ ਹੋਵੇਗੀ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਪੂਰੇ ਪੰਥ ਲਈ ਮਾਣ ਦਾ ਮੌਕਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਕੋਲ ਗੁਰੂ ਸਾਹਿਬਾਨ ਨਾਲ ਸਬੰਧਤ ਕੋਈ ਨਿਸ਼ਾਨੀ ਹੈ, ਉਹ ਉਸਨੂੰ ਪੰਥ ਦੇ ਸਪੁਰਦ ਕਰਨ ਤਾਂ ਜੋ ਸੰਗਤਾਂ ਦਰਸ਼ਨ ਕਰ ਸਕਣ।

 

Exit mobile version