ਚੰਡੀਗੜ੍ਹ (ਚੌਧਰੀ ਛਤਰਪਾਲ ਸਿੰਘ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਮੀਟਿੰਗ ਦੌਰਾਨ ਰਾਜ ਦੇ ਵਿਕਾਸ ਅਤੇ ਪ੍ਰਸ਼ਾਸਕੀ ਸੁਧਾਰਾਂ ਨਾਲ ਸਬੰਧਤ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਯੂਨੀਫਾਈਡ ਬਿਲਡਿੰਗ ਬਿੱਲ 2025 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਹਿਤ ਹੁਣ ਇਮਾਰਤਾਂ ਦੀ ਅਧਿਕਤਮ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਕਰ ਦਿੱਤੀ ਗਈ ਹੈ। ਇਸ ਨਾਲ ਨਿਰਮਾਣ ਖੇਤਰ ਨੂੰ ਰਾਹਤ ਮਿਲੇਗੀ ਅਤੇ ਸ਼ਹਿਰੀ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਲੁਧਿਆਣਾ ਦੇ ਲੋਕਾਂ ਲਈ ਵੀ ਵੱਡੀ ਸਹੂਲਤ ਦਾ ਐਲਾਨ ਕੀਤਾ ਗਿਆ। ਸਰਕਾਰ ਨੇ ਲੁਧਿਆਣਾ ਉੱਤਰੀ ਵਿੱਚ ਨਵੀਂ ਸਬ-ਤਹਿਸੀਲ ਬਣਾਉਣ ਦੀ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰਸ਼ਾਸਕੀ ਕੰਮਾਂ ਲਈ ਸੌਖਾ ਪਹੁੰਚ ਮਿਲੇਗੀ।
ਇਸ ਤੋਂ ਇਲਾਵਾ, ਬਰਨਾਲਾ ਸ਼ਹਿਰ ਨੂੰ ਨਗਰ ਨਿਗਮ ਦਾ ਦਰਜਾ ਦੇ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਬਰਨਾਲਾ ਦੀ ਆਬਾਦੀ ਅਤੇ ਜੀਐਸਟੀ ਸੰਗ੍ਰਹਿ ਦੇ ਅੰਕੜੇ ਨਿਗਮ ਬਣਾਉਣ ਦੇ ਮਾਪਦੰਡਾਂ ’ਤੇ ਖਰੇ ਉਤਰਦੇ ਹਨ। ਇਹ ਕਦਮ ਸਥਾਨਕ ਉਦਯੋਗ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਹੱਤਵਪੂਰਨ ਸਾਬਤ ਹੋਵੇਗਾ।
ਖੇਡ ਖੇਤਰ ਨੂੰ ਮਜ਼ਬੂਤ ਕਰਨ ਲਈ ਵੀ ਕੈਬਨਿਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਪੋਰਟਸ ਮੈਡੀਸਨ ਕੇਡਰ ਵਿੱਚ 100 ਤੋਂ ਵੱਧ ਨਵੀਆਂ ਅਸਾਮੀਆਂ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਖਿਡਾਰੀਆਂ ਨੂੰ ਬਿਹਤਰ ਚਿਕਿਤਸਕ ਸਹੂਲਤਾਂ ਮਿਲ ਸਕਣ।
ਸਿਹਤ ਖੇਤਰ ਵਿੱਚ ਵੀ ਸੁਧਾਰਾਂ ਲਈ ਪ੍ਰਯਾਸ ਜਾਰੀ ਹਨ। ਮੰਤਰੀ ਮੰਡਲ ਨੇ ਡੇਰਾਬੱਸੀ ਵਿੱਚ 100 ਬਿਸਤਰਿਆਂ ਵਾਲੀ ਈ.ਐਸ.ਆਈ. ਸਹੂਲਤ ਖੋਲ੍ਹਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਲਈ ਸਰਕਾਰ ਵੱਲੋਂ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।
ਇਸ ਦੇ ਨਾਲ ਹੀ, ਨਸ਼ਾ ਛੁਡਾਊ ਕੇਂਦਰਾਂ ਲਈ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਹੁਣ ਹਰ ਕੇਂਦਰ ’ਤੇ ਬਾਇਓਮੈਟ੍ਰਿਕ ਹਾਜ਼ਰੀ ਲਾਜ਼ਮੀ ਹੋਵੇਗੀ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ’ਤੇ ਸਰਕਾਰੀ ਨਿਗਰਾਨੀ ਹੋਵੇਗੀ, ਤਾਂ ਜੋ ਪ੍ਰਣਾਲੀ ਪਾਰਦਰਸ਼ੀ ਰਹੇ।
