Home ਪਟਿਆਲਾ ਅਪਡੇਟ ਡਿਪਟੀ ਕਮਿਸ਼ਨਰ ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ...

ਡਿਪਟੀ ਕਮਿਸ਼ਨਰ ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ

0

ਕਿਸਾਨਾਂ ਵੱਲੋਂ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲਣ ‘ਚ ਦਿਖਾਇਆ ਉਤਸ਼ਾਹ, ਡਾ. ਪ੍ਰੀਤੀ ਯਾਦਵ ਨੇ ਕੀਤੀ ਹੌਂਸਲਾ ਅਫ਼ਜਾਈ


ਨਾਭਾ, (ਰਾਜੇਸ਼ ਕੁਮਾਰ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਾਭਾ ਨੇੜਲੇ ਪਿੰਡਾਂ ਘਨੁੜਕੀ ਅਤੇ ਬੌੜਾਂ ਦਾ ਦੌਰਾ ਕਰਦੇ ਹੋਏ ਉਹਨਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਇਸ ਵਾਰ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲੀ ਹੈ। ਉਨ੍ਹਾਂ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਡਾ. ਯਾਦਵ ਨੇ ਕਿਹਾ ਕਿ ਇਸ ਵਾਰ ਨਾਭਾ ਇਲਾਕੇ ਦੇ ਕਿਸਾਨਾਂ ਨੇ ਪਿਛਲੇ ਸਾਲ ਦੇ ਮੁਕਾਬਲੇ ਹੋਰ ਵੱਧ ਜ਼ਿੰਮੇਵਾਰੀ ਨਾਲ ਪਰਾਲੀ ਨੂੰ ਅੱਗ ਲਗਾਉਣ ਤੋਂ ਪਰਹੇਜ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਕਣਕ ਦੀ ਬਿਜਾਈ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਇਹ ਸਪਸ਼ਟ ਹੈ ਕਿ ਕਿਸਾਨ ਹੈਪੀ ਸੀਡਰ, ਸੁਪਰ ਸੀਡਰ ਅਤੇ ਜੀਰੋ ਟਿਲ ਮਸ਼ੀਨਾਂ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਣ ਘਟੇਗਾ ਬਲਕਿ ਅਗਲੀ ਫ਼ਸਲ ਦੀ ਉਤਪਾਦਕਤਾ ਵਿੱਚ ਵੀ ਵਾਧਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਸਾਨ ਅਮਰਿਤ ਸਿੰਘ, ਦਰਸ਼ਨ ਸਿੰਘ ਤੇ ਹਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਰ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਤਰ੍ਹਾਂ ਅੱਗੇ ਆ ਕੇ ਵਾਤਾਵਰਣ ਬਚਾਉਣ ਦੀ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਹੜੇ ਕਿਸਾਨ ਪਰਾਲੀ ਨਾ ਸਾੜ ਕੇ ਇਸਨੂੰ ਵਿਗਿਆਨਕ ਤਰੀਕੇ ਨਾਲ ਸੰਭਾਲਣਾ ਚਾਹੁੰਦੇ ਹਨ, ਉਨ੍ਹਾਂ ਨੂੰ ਲੋੜੀਂਦੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ ਅਤੇ ਜੀਰੋ ਟਿਲ ਆਦਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ।

ਕਿਸਾਨ ਮਸ਼ੀਨਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਨਾਲ ਫੋਨ ਨੰਬਰ 0175-2350550 ‘ਤੇ ਸੰਪਰਕ ਕਰ ਸਕਦੇ ਹਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੂਰਾ ਜ਼ਿਲ੍ਹਾ ਪ੍ਰਸ਼ਾਸਨ — ਜਿਸ ਵਿੱਚ ਏ.ਡੀ.ਸੀ., ਐਸ.ਡੀ.ਐਮ., ਡੀ.ਐਸ.ਪੀ. ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸ਼ਾਮਲ ਹਨ — ਲਗਾਤਾਰ ਮੈਦਾਨ ਵਿਚ ਰਹਿ ਕੇ ਕਿਸਾਨਾਂ ਨਾਲ ਸੰਪਰਕ ਵਿੱਚ ਹੈ, ਤਾਂ ਜੋ ਪਟਿਆਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇ।

ਇਸ ਮੌਕੇ ਖੇਤੀਬਾੜੀ ਅਧਿਕਾਰੀ ਜੁਪਿੰਦਰ ਸਿੰਘ ਗਿੱਲ, ਏ.ਈ.ਓ. ਰਵਿੰਦਰ ਸਿੰਘ ਚੱਠਾ ਅਤੇ ਏ.ਡੀ.ਓ. ਜਸਪ੍ਰੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

Exit mobile version