ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਐਸ ਪੀ ਪਲਵਿੰਦਰ ਸਿੰਘ ਚੀਮਾ ਵੱਲੋਂ ਪੋਲੋ ਗਰਾਊਂਡ ਵਿਖੇ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 1 ਨਵੰਬਰ (ਜਗਜੀਤ ਸਿੰਘ) :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 4 ਨਵੰਬਰ ਦੀ ਸ਼ਾਮ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਸ਼ੋਅ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਉਪਦੇਸ਼ਾਂ ਅਤੇ ਬਲੀਦਾਨ ਦੀ ਮਹਾਨ ਗਾਥਾ ਨਾਲ ਜਾਣੂ ਕਰਵਾਏਗਾ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ 45 ਮਿੰਟ ਦਾ ਡਿਜੀਟਲ ਪ੍ਰਦਰਸ਼ਨ ਗੁਰੂ ਸਾਹਿਬ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਬਲੀਦਾਨ ‘ਤੇ ਰੋਸ਼ਨੀ ਪਾਏਗਾ। ਉਨ੍ਹਾਂ ਕਿਹਾ ਕਿ ਇਹ ਸ਼ੋਅ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ ਭਰ ਵਿੱਚ ਭਾਈਚਾਰੇ ਦੇ ਸਨੇਹੇ ਨੂੰ ਸੁੰਦਰ ਢੰਗ ਨਾਲ ਦਰਸਾਵੇਗਾ।
ਡਾ. ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਇਤਿਹਾਸਕ ਸ਼ੋਅ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਇਹ ਪ੍ਰੋਗਰਾਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ।”
ਇਸੇ ਸਬੰਧ ਵਿੱਚ ਏ.ਡੀ.ਸੀ. ਨਵਰੀਤ ਕੌਰ ਸੇਖੋਂ ਅਤੇ ਐਸ.ਪੀ. ਪਲਵਿੰਦਰ ਸਿੰਘ ਚੀਮਾ ਨੇ ਪੋਲੋ ਗਰਾਊਂਡ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸ਼ੋਅ ਕਰਵਾਉਣ ਵਾਲੀ ਏਜੰਸੀ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸ਼ੋਅ ਲਈ ਦਾਖਲਾ ਮੁਫ਼ਤ ਅਤੇ ਸਭ ਲਈ ਖੁੱਲ੍ਹਾ ਹੋਵੇਗਾ, ਕੋਈ ਵੀ ਬਿਨਾਂ ਪਾਸ ਦੇ ਸ਼ਾਮਿਲ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਸ਼ੋਅ ਲਈ ਸਾਰੇ ਪ੍ਰਬੰਧ — ਜਿਵੇਂ ਪੀਣ ਵਾਲਾ ਪਾਣੀ, ਆਰਜੀ ਪਖਾਨੇ ਅਤੇ ਸੁਰੱਖਿਆ — ਪੂਰੇ ਤੌਰ ’ਤੇ ਕੀਤੇ ਜਾ ਰਹੇ ਹਨ। ਸ਼ੋਅ ਸ਼ਾਮ 7 ਵਜੇ ਤੋਂ 8:30 ਵਜੇ ਤੱਕ ਹੋਵੇਗਾ ਅਤੇ ਦਾਖਲਾ 5:30 ਵਜੇ ਤੋਂ ਸ਼ੁਰੂ ਹੋਵੇਗਾ।
ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ, ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਧਿਕਾਰੀ ਨਵਜੋਤ ਧਾਲੀਵਾਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।







