Home ਪੰਜਾਬ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਈ.ਡੀ ਵੱਲੋਂ ਜਾਂਚ...

ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਈ.ਡੀ ਵੱਲੋਂ ਜਾਂਚ ਜਾਰੀ ਰੱਖਣ ਦਾ ਰਸਤਾ ਸਾਫ਼

0

ਚੰਡੀਗੜ੍ਹ, 1 ਨਵੰਬਰ (ਜਗਦੇਵ ਰੰਚਨਾਂ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਕਾਰਵਾਈ ਵਿਰੁੱਧ ਉਨ੍ਹਾਂ ਵੱਲੋਂ ਦਾਇਰ ਕੀਤੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਫੈਸਲੇ ਨਾਲ ਈ.ਡੀ. ਨੂੰ ਖਹਿਰਾ ਵਿਰੁੱਧ ਜਾਂਚ ਅਤੇ ਅਗਲੀ ਕਾਰਵਾਈ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ।

ਜਾਣਕਾਰੀ ਮੁਤਾਬਕ, ਹਾਲ ਹੀ ਵਿੱਚ ਹੋਈ ਸੁਣਵਾਈ ਦੌਰਾਨ ਦੋਵਾਂ ਪੱਖਾਂ ਵੱਲੋਂ ਦਲੀਲਾਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ। ਅੱਜ ਅਦਾਲਤ ਨੇ ਖਹਿਰਾ ਦੀ ਪਟੀਸ਼ਨ ਖਾਰਜ ਕਰਦਿਆਂ ਸਪਸ਼ਟ ਕੀਤਾ ਕਿ ਈ.ਡੀ. ਦੀ ਜਾਂਚ ‘ਤੇ ਕੋਈ ਰੋਕ ਨਹੀਂ ਲਗਾਈ ਜਾ ਸਕਦੀ।

ਸੁਖਪਾਲ ਸਿੰਘ ਖਹਿਰਾ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ 2015 ਵਿੱਚ ਦਰਜ ਇਸ ਮਾਮਲੇ ਸੰਬੰਧੀ ਸੁਪਰੀਮ ਕੋਰਟ ਪਹਿਲਾਂ ਹੀ ਉਨ੍ਹਾਂ ਦੇ ਹੱਕ ਵਿੱਚ ਫ਼ੈਸਲਾ ਸੁਣਾ ਚੁੱਕੀ ਹੈ, ਜਿਸ ਵਿੱਚ ਸੰਮਨ ਦੇ ਹੁਕਮ ਰੱਦ ਕੀਤੇ ਗਏ ਸਨ। ਇਸਦੇ ਬਾਵਜੂਦ, ਈ.ਡੀ. ਨੇ 2021 ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਅਤੇ 2023 ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਖਹਿਰਾ ਵੱਲੋਂ ਹਾਈ ਕੋਰਟ ਵਿੱਚ ਮੰਗ ਕੀਤੀ ਗਈ ਸੀ ਕਿ ਇਸ ਕਾਰਵਾਈ ‘ਤੇ ਰੋਕ ਲਗਾਈ ਜਾਵੇ, ਪਰ ਅਦਾਲਤ ਨੇ ਉਨ੍ਹਾਂ ਦੀ ਦਲੀਲ ਨਕਾਰਦਿਆਂ ਪਟੀਸ਼ਨ ਖਾਰਜ ਕਰ ਦਿੱਤੀ। ਇਸ ਨਾਲ ਹੁਣ ਈ.ਡੀ. ਵੱਲੋਂ ਖਹਿਰਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਜਾਰੀ ਰਹੇਗੀ।

Exit mobile version