ਪਟਿਆਲਾ, 5 ਨਵੰਬਰ (ਛਤਰਪਾਲ ਸਿੰਘ): ਸਾਬਕਾ ਵਿਧਾਇਕ ਅਤੇ ਅਕਾਲੀ ਨੇਤਾ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਸਬੰਧੀ ਕੇਂਦਰ ਸਰਕਾਰ ਦੇ ਪ੍ਰਸਤਾਵ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਹੱਕਾਂ ਤੇ ਪਹਿਚਾਣ ’ਤੇ ਸਿੱਧਾ ਹਮਲਾ ਹੈ।
ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਸਿੱਖਿਆ ਸੰਸਥਾ ਨਹੀਂ, ਸਗੋਂ ਪੰਜਾਬ ਦੀ ਸਭਿਆਚਾਰਕ ਵਿਰਾਸਤ ਅਤੇ ਅਸਮੀਤਾ ਦੀ ਪ੍ਰਤੀਕ ਹੈ। ਕੇਂਦਰ ਸਰਕਾਰ ਵੱਲੋਂ ਇਸਦੀ ਸੰਵਿਧਾਨਕ ਹੈਸਿਤ ’ਚ ਤਬਦੀਲੀ ਕਰਨ ਦੀ ਕੋਸ਼ਿਸ਼ ਭਾਜਪਾ ਦੇ ਪੰਜਾਬ ਵਿਰੋਧੀ ਰੁਝਾਨ ਨੂੰ ਦਰਸਾਉਂਦੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪਹਿਲਾਂ ਖੇਤੀ ਕਾਨੂੰਨਾਂ, ਫਿਰ ਪਾਣੀ ਦੇ ਮਸਲੇ ਅਤੇ ਹੁਣ ਸਿੱਖਿਆ ਸੰਸਥਾਵਾਂ ਰਾਹੀਂ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਚੰਦੂਮਾਜਰਾ ਨੇ ਚੇਤਾਵਨੀ ਦਿੱਤੀ ਕਿ ਜੇ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਪੰਜਾਬ ਦੇ ਲੋਕ ਇਸਦੇ ਵਿਰੋਧ ’ਚ ਆਵਾਜ਼ ਬੁਲੰਦ ਕਰਨਗੇ।
ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਅਤੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਢਾਂਚੇ ਨਾਲ ਕੋਈ ਛੇੜਛਾੜ ਨਾ ਕਰੇ।
