ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ
ਨਵੀਂ ਦਿੱਲੀ, 5 ਨਵੰਬਰ (ਛਤਰਪਾਲ ਸਿੰਘ) :

ਸਿੱਖ ਧਰਮ ਦੇ ਪਹਿਲੇ ਗੁਰੂ ਅਤੇ ਵਿਸ਼ਵ ਭਾਈਚਾਰੇ ਨੂੰ ਏਕਤਾ, ਸੱਚਾਈ ਤੇ ਦਇਆ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਭਰ ਵਿੱਚ ਸ਼ਰਧਾ, ਉਤਸ਼ਾਹ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ਵਾਸੀਆਂ ਨੂੰ ਗੁਰਪੁਰਬ ਦੀਆਂ ਮੁਬਾਰਕਾਂ ਦਿੱਤੀਆਂ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਨੂੰ ਸੱਚਾਈ, ਨਿਆਂ, ਦਇਆ ਅਤੇ ਸਮਾਨਤਾ ਵਾਲਾ ਜੀਵਨ ਜੀਊਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਸਿੱਖਿਆ ਸੰਦੇਸ਼ ਮਨੁੱਖਤਾ ਨੂੰ ਇਕਤਾ ਅਤੇ ਭਰਾਤ੍ਰਿਤਾ ਦੇ ਰਾਹ ‘ਤੇ ਚਲਣ ਲਈ ਪ੍ਰੇਰਿਤ ਕਰਦਾ ਹੈ। ਰਾਸ਼ਟਰਪਤੀ ਨੇ ਸਾਰੇ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਸਾਹਿਬ ਦੇ ਆਦਰਸ਼ਾਂ — ਇਕ ਓਅੰਕਾਰ, ਸੱਚ, ਨਿਮਰਤਾ ਅਤੇ ਸੇਵਾ — ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਨੁੱਖਤਾ ਲਈ ਸਦੀਵੀ ਮਾਰਗਦਰਸ਼ਕ ਹੈ। ਉਨ੍ਹਾਂ ਦੀਆਂ ਸਿੱਖਿਆਵਾਂ — ਦਇਆ, ਸੇਵਾ, ਸਮਾਨਤਾ ਅਤੇ ਨਿਮਰਤਾ — ਅੱਜ ਵੀ ਸਮਾਜ ਲਈ ਪ੍ਰੇਰਨਾਦਾਇਕ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸਾਨੂੰ ਸੱਚ ਅਤੇ ਕਰਤਵ ਨਿਸ਼ਠਾ ਨਾਲ ਜੀਵਨ ਜੀਊਣ ਦੀ ਸਿੱਖ ਦਿੰਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਮਨੁੱਖਤਾ ਨੂੰ ਸੱਚੀ ਕਮਾਈ ਅਤੇ ਸਾਂਝ ਦੇ ਰਾਹ ‘ਤੇ ਚਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਆਓ ਗੁਰੂ ਸਾਹਿਬ ਦੇ ਸਿਧਾਂਤਾਂ ‘ਤੇ ਅਮਲ ਕਰੀਏ ਅਤੇ ਕੁਦਰਤ ਨਾਲ ਸਹਜਤਾ ਨਾਲ ਜੀਵਨ ਬਤੀਤ ਕਰੀਏ।
ਦੇਸ਼ ਭਰ ਵਿੱਚ ਗੁਰਦੁਆਰਿਆਂ ‘ਚ ਸ਼ਰਧਾਲੂਆਂ ਦੀ ਭਾਰੀ ਭੀੜ ਹੈ। ਕੀਰਤਨ ਦਰਬਾਰਾਂ, ਨਗਰ ਕੀਰਤਨ ਅਤੇ ਲੰਗਰਾਂ ਰਾਹੀਂ ਸਿੱਖ ਸੰਗਤ ਗੁਰੂ ਨਾਨਕ ਸਾਹਿਬ ਦੇ ਜਨਮ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਮਨਾ ਰਹੀ ਹੈ।