Homeਪਟਿਆਲਾ ਅਪਡੇਟਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ‘ਹਿੰਦ ਦੀ...

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ‘ਹਿੰਦ ਦੀ ਚਾਦਰ’ ਲਾਈਟ ਐਂਡ ਸਾਊਂਡ ਸ਼ੋਅ ਨੇ ਮੋਹ ਲਿਆ ਸੰਗਤ ਦਾ ਮਨ

ਡਾ. ਬਲਬੀਰ ਸਿੰਘ ਨੇ ਕਿਹਾ – ਗੁਰੂ ਸਾਹਿਬ ਦੀ ਸ਼ਹਾਦਤ ਸਮੁੱਚੀ ਮਾਨਵਤਾ ਦੇ ਅਧਿਕਾਰਾਂ ਲਈ ਸੀ


ਪਟਿਆਲਾ, 4 ਨਵੰਬਰ (ਛਤਰਪਾਲ ਸਿੰਘ):

ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਦੀ ਵਿਲੱਖਣ ਪੇਸ਼ਕਾਰੀ ਦੇਖਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ।


ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਆਯੋਜਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਨੇ ਮੰਗਲਵਾਰ ਸ਼ਾਮ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਇਕ ਰੂਹਾਨੀ ਮਾਹੌਲ ਪੈਦਾ ਕਰ ਦਿੱਤਾ। ਹਜ਼ਾਰਾਂ ਦੀ ਗਿਣਤੀ ਵਿੱਚ ਪੁੱਜੇ ਸ਼ਰਧਾਲੂਆਂ ਨੇ ਗੁਰੂ ਸਾਹਿਬ ਦੇ ਬਲੀਦਾਨ, ਸਿੱਖਿਆਵਾਂ ਤੇ ਸੱਚਾਈ ਦੇ ਸੰਦੇਸ਼ ਨੂੰ ਡਿਜੀਟਲ ਰੂਪ ਵਿੱਚ ਦੇਖ ਕੇ ਭਾਵੁਕ ਹੋ ਗਏ।

ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਦੀ ਵਿਲੱਖਣ ਪੇਸ਼ਕਾਰੀ ਦੇ ਦ੍ਰਿਸ਼।

ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖੀ ਅਧਿਕਾਰਾਂ, ਸੱਚ ਤੇ ਧਰਮ ਦੀ ਰੱਖਿਆ ਲਈ ਦਿੱਤੀ ਗਈ ਸ਼ਹਾਦਤ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਢਾਡੀ ਜਥੇ ਸੁਖਦੇਵ ਸਿੰਘ ਬੂਹ ਨੇ ਵਾਰਾਂ ਰਾਹੀਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਬਲੀਦਾਨਾਂ ਦੀ ਯਾਦ ਤਾਜ਼ਾ ਕਰ ਦਿੱਤੀ।

                      ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਦੀ ਵਿਲੱਖਣ ਪੇਸ਼ਕਾਰੀ ਨੂੰ ਦੇਖਦੀ ਹੋਈ ਵੱਡੀ ਗਿਣਤੀ ਸੰਗਤ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਇੱਕ ਨਿਮਾਣੇ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਕਿਸੇ ਇੱਕ ਧਰਮ ਲਈ ਨਹੀਂ, ਸਗੋਂ ਸਾਰੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਲਈ ਸੀ।

ਉਨ੍ਹਾਂ ਦੱਸਿਆ ਕਿ ਇਹ ਸ਼ੋਅ ਗੁਰੂ ਸਾਹਿਬ ਦੇ ਜੀਵਨ, ਵਿਰਾਸਤ ਤੇ ਸਿੱਖਿਆਵਾਂ ਬਾਰੇ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦਾ ਸਰੋਤ ਬਣੇਗਾ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਹੋਰ ਸਮਾਗਮ ਵੀ ਉਲੀਕੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਹਰ ਕੋਨੇ ਤੱਕ ਪਹੁੰਚਾਇਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੁੱਖ ਸਮਾਗਮ ਹੋਣਗੇ। ਇਸ ਤੋਂ ਪਹਿਲਾਂ ਵੱਖ-ਵੱਖ ਜਿਲ੍ਹਿਆਂ ‘ਚੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣਗੇ। ਦਮਦਮਾ ਸਾਹਿਬ ਤੋਂ ਚੱਲਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਪਟਿਆਲਾ ਪਹੁੰਚੇਗਾ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ‘ਗਾਰਡ ਆਫ ਆਨਰ’ ਨਾਲ ਸਨਮਾਨਿਤ ਕੀਤਾ ਜਾਵੇਗਾ।

ਸੰਗਤ ਨੇ ਸ਼ੋਅ ਦੇਖਣ ਤੋਂ ਬਾਅਦ ਕਿਹਾ ਕਿ “ਹਿੰਦ ਦੀ ਚਾਦਰ” ਪ੍ਰਸਤੁਤੀ ਨੇ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ ਭਰਾਤ੍ਰਿਤਾ ਦੇ ਫਲਸਫ਼ੇ ਨੂੰ ਜੀਵੰਤ ਕਰ ਦਿੱਤਾ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਰੁਣ ਸ਼ਰਮਾ ਤੇ ਹੋਰ ਕਈ ਅਧਿਕਾਰੀ ਤੇ ਸੰਗਤ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments