ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਹੁਕਮ
ਰਾਜਪੁਰਾ, 6 ਨਵੰਬਰ (ਜਗਜੀਤ ਸਿੰਘ) : ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡ ਖਰੋਲਾ (ਰਾਜਪੁਰਾ) ਵਿੱਚ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਦੌਰਾ ਕਰਕੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਮਸਲਿਆਂ ਦੇ ਹੱਲ ਵਿੱਚ ਕੋਈ ਵੀ ਢਿੱਲ ਨਹੀਂ ਹੋਣੀ ਚਾਹੀਦੀ ਅਤੇ ਹਰ ਫਰਿਆਦ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਜਾਵੇ।

ਕੈਂਪ ਦੌਰਾਨ ਡਾ. ਪ੍ਰੀਤੀ ਯਾਦਵ ਦੇ ਨਾਲ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਪੜ੍ਹਾਈ ਦੀ ਗੁਣਵੱਤਾ ਅਤੇ ਮਿਡ-ਡੇ ਮੀਲ ਦੀ ਜਾਂਚ ਕੀਤੀ।
ਇਸ ਮੌਕੇ ਉਨ੍ਹਾਂ ਨੇ ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਸੁਰੱਖਿਆ, ਰੋਜ਼ਗਾਰ ਬਿਉਰੋ, ਵਣ ਵਿਭਾਗ, ਸਹਿਕਾਰਤਾ ਆਦਿ ਵਿਭਾਗਾਂ ਦੇ ਸਟਾਲਾਂ ਦਾ ਦੌਰਾ ਕਰਕੇ ਉਨ੍ਹਾਂ ਦੇ ਕੰਮ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੈਂਪ ਵਿੱਚ ਆਉਣ ਵਾਲੇ ਨਾਗਰਿਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣ ਕੇ ਤੁਰੰਤ ਕਾਰਵਾਈ ਕੀਤੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਮੌਕੇ ਬੀ.ਡੀ.ਪੀ.ਓ. ਬਨਦੀਪ ਸਿੰਘ, ਪਿੰਡ ਦੇ ਸਰਪੰਚ ਨਾਹਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।