ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ‘ਤੇ ਮਨਾ ਮਨਾਉਣ ਦੀਆਂ ਤਿਆਰੀਆਂ- ਚੇਤਨ ਸਿੰਘ ਜੌੜਾਮਾਜਰਾ
ਸਮਾਣਾ/ਪਟਿਆਲਾ, 10 ਨਵੰਬਰ (ਜਗਜੀਤ ਸਿੰਘ) : ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।
ਇਸ ਪਵਿੱਤਰ ਮੌਕੇ ਸੰਗਤ ਨੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਨੂੰ ਯਾਦ ਕਰਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਵੀ ਪੂਰੀ ਸ਼ਰਧਾ ਨਾਲ ਮਨਾਇਆ।
ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸਾਬਕਾ ਐਸ.ਜੀ.ਪੀ.ਸੀ. ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਅਤੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਦੀਆਂ ਪ੍ਰੇਰਕ ਕਥਾਵਾਂ ਨਾਲ ਸੰਗਤ ਨੂੰ ਜੋੜਿਆ।

ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਪਟਿਆਲਾ ਦੀ ਐਸ.ਡੀ.ਐਮ. ਹਰਜੋਤ ਕੌਰ ਮਾਵੀ ਅਤੇ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਨੇ ਵੀ ਨਿਮਾਣੇ ਸ਼ਰਧਾਲੂ ਵਜੋਂ ਹਾਜ਼ਰੀ ਭਰੀ।
ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਲਲੌਛੀ ਵਿਖੇ ਆਯੋਜਿਤ ਇਹ ਸਮਾਗਮ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਸਮਾਜ ਤੱਕ ਪਹੁੰਚਾਉਣ ਦੀ ਇਕ ਮਹੱਤਵਪੂਰਨ ਕੜੀ ਹੈ।
ਉਨ੍ਹਾਂ ਕਿਹਾ ਕਿ 21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਪਟਿਆਲਾ ਤੱਕ ਆ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵਿੱਚ ਬੇਹੱਦ ਉਤਸ਼ਾਹ ਹੈ। ਇਸ ਮੌਕੇ ਪਿੰਡ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੇ ਪੂਰੇ ਚਾਉ ਨਾਲ ਗੁਰਪੁਰਬ ਮਨਾਇਆ ਅਤੇ ਗੁਰੂ ਘਰ ਵਿਖੇ ਹਾਜ਼ਰੀ ਭਰੀ।