Home ਪਟਿਆਲਾ ਅਪਡੇਟ ਘਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 5 ਕਰੋੜ 15 ਲੱਖ ਰੁਪਏ...

ਘਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 5 ਕਰੋੜ 15 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

0

ਵਿਧਾਇਕ ਗੁਰਲਾਲ ਘਨੌਰ ਨੇ 2113 ਲਾਭਪਾਤਰੀਆਂ ਨੂੰ ਦਿੱਤੇ ਮੁਆਵਜ਼ੇ ਦੇ ਪੱਤਰ, ਕਿਹਾ ‘ਪਾਰਦਰਸ਼ੀ ਢੰਗ ਨਾਲ ਕਿਸਾਨਾਂ ਤੱਕ ਪਹੁੰਚ ਰਹੀ ਮਦਦ’


ਘਨੌਰ, 11 ਨਵੰਬਰ: (ਜਗਜੀਤ ਸਿੰਘ) : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਘੱਗਰ ਦਰਿਆ ਦੀ ਮਾਰ ਹੇਠ ਆਏ ਅਤੇ ਹੜ੍ਹ ਨਾਲ ਪ੍ਰਭਾਵਿਤ 11 ਪਿੰਡਾਂ ਦੇ 2113 ਕਿਸਾਨਾਂ ਨੂੰ 5 ਕਰੋੜ 15 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਹ ਰਾਸ਼ੀ ਮਿਸ਼ਨ ਚੜ੍ਹਦੀਕਲਾ ਤਹਿਤ ਰੰਗਲਾ ਪੰਜਾਬ ਯੋਜਨਾ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡਾਲੀ ਗਈ ਹੈ।

ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ।

ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਅਧਿਕਾਰੀ ਤੇ ਇਲਾਕੇ ਦੇ ਪੰਚ-ਸਰਪੰਚ ਵੀ ਹਾਜ਼ਰ ਸਨ।

ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ ਕਿ ਪਿੰਡ ਟਿਵਾਣਾ, ਤਾਜਲਪੁਰ, ਮਾੜੂ, ਸਰਾਲਾ ਕਲਾਂ, ਸਰਾਲਾ ਖੁਰਦ, ਕਮਾਲਪੁਰ, ਕਪੂਰੀ, ਰਾਮਪੁਰ, ਹਰਪਾਲਾਂ, ਲੋਹਸਿੰਬਲੀ ਅਤੇ ਜਮੀਤਗੜ੍ਹ ਦੇ 3478 ਏਕੜ ਖਰਾਬੇ ਵਾਲੇ ਰਕਬੇ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਘੱਗਰ ਦੀ ਸਮੱਸਿਆ ਸਦੀਆਂ ਤੋਂ ਚੱਲ ਰਹੀ ਹੈ, ਪਰ ਪਿਛਲੀਆਂ ਸਰਕਾਰਾਂ ਨੇ ਇਸ ਦਾ ਪੱਕਾ ਹੱਲ ਨਹੀਂ ਕੀਤਾ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ “ਜਿਸ ਦਾ ਖੇਤ, ਉਸਦੀ ਰੇਤ” ਤਹਿਤ ਕਿਸਾਨਾਂ ਨੂੰ ਘੱਗਰ ਵਿੱਚੋਂ ਮਿੱਟੀ ਪੁੱਟਣ ਦੀ ਆਜ਼ਾਦੀ ਦਿੱਤੀ ਹੈ, ਜਿਸ ਨਾਲ ਹੜ੍ਹ ਦੀ ਸਮੱਸਿਆ ਘਟਾਉਣ ਵਿੱਚ ਮਦਦ ਮਿਲੇਗੀ।

ਗੁਰਲਾਲ ਘਨੌਰ ਨੇ ਦੱਸਿਆ ਕਿ ਕਪੂਰੀ ਵਾਲੀ ਨਹਿਰ ਵਿੱਚ ਪਾਣੀ ਚਲਾਉਣ ਲਈ 10 ਕਿਲੋਮੀਟਰ ਤੱਕ ਕੰਮ ਸ਼ੁਰੂ ਹੋ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸੀਜ਼ਨ ਵਿੱਚ ਕਿਸਾਨਾਂ ਨੂੰ ਸਿੰਚਾਈ ਲਈ ਲਾਭ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਦੇਸ਼ ਦਾ ਸਭ ਤੋਂ ਵੱਧ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਹੈ ਅਤੇ ਕਣਕ ਦਾ ਬੀਜ ਵੀ ਉਪਲਬਧ ਕਰਵਾਇਆ ਹੈ

ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਹੜ੍ਹ ਦੌਰਾਨ ਲੋਕਾਂ ਦੇ ਨਾਲ ਖੜ੍ਹ ਕੇ ਸੱਚੇ ਅਰਥਾਂ ਵਿੱਚ ਸੇਵਾ ਕੀਤੀ ਹੈ ਅਤੇ ਬਿਨਾ ਕਿਸੇ ਸਿਫ਼ਾਰਸ਼ ਦੇ ਪਾਰਦਰਸ਼ੀ ਢੰਗ ਨਾਲ ਸਹਾਇਤਾ ਰਾਸ਼ੀ ਜਾਰੀ ਕੀਤੀ ਹੈ

ਇਲਾਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸਮੇਂ ਸਿਰ ਸਹਾਇਤਾ ਪਹੁੰਚਾ ਕੇ ਕਿਸਾਨਾਂ ਦਾ ਭਰੋਸਾ ਜਿੱਤਿਆ ਹੈ।

Exit mobile version