ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ‘ਚੱਕ ਨਾਨਕੀ ਤੇ ਸ੍ਰੀ ਅਨੰਦਪੁਰ ਸਾਹਿਬ’ ਬਾਰੇ ਜਾਣੂ ਕਰਵਾਇਆ ਗਿਆ
ਪਟਿਆਲਾ, 12 ਨਵੰਬਰ : (ਜਤਿੰਦਰ ਗਰਗ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਵਡਮੁੱਲੀ ਵਿਰਾਸਤ ਨਾਲ ਜੋੜਦਿਆਂ “ਚੱਕ ਨਾਨਕੀ ਤੇ ਸ੍ਰੀ ਅਨੰਦਪੁਰ ਸਾਹਿਬ” ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਦਾਨ ਕੀਤੀ ਗਈ।

ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ 15 ਦਿਨਾਂ ਵਿਦਿਅਕ ਪਾਠਕ੍ਰਮ ਤਹਿਤ ਤੀਜੇ ਦਿਨ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਤੇ ਉਸਦੇ ਇਤਿਹਾਸ ਨਾਲ ਸੰਬੰਧਿਤ ਸੀ। ਸਵੇਰੇ ਦੀ ਸਭਾ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੇ ਗਏ ਵਿਸ਼ੇਸ਼ ਲੈਕਚਰਾਂ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨਾਲ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਿਰਫ਼ ਇਤਿਹਾਸ ਨਾਲ ਨਹੀਂ, ਸਗੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਅਤੇ ਆਤਮਕ ਤਾਕਤ ਨਾਲ ਜੋੜਨ ਦਾ ਮਾਧਿਅਮ ਹੈ।
ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਲੈਕਚਰ ਲੜੀ 27 ਨਵੰਬਰ ਤੱਕ ਜਾਰੀ ਰਹੇਗੀ ਅਤੇ ਹਰ ਦਿਨ ਸਵੇਰੇ ਦੀ ਸਭਾ ਵਿੱਚ ਵਿਦਿਆਰਥੀ ਤੇ ਅਧਿਆਪਕ ਵੱਡੇ ਉਤਸ਼ਾਹ ਨਾਲ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਸਿੱਖ ਰਹੇ ਹਨ। ਡੀ.ਈ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਆਪਣੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵੱਲ ਬਹੁਤ ਹੀ ਸ਼ਲਾਘਾਯੋਗ ਕਦਮ ਹੈ।