ਪਟਿਆਲਾ, 21 ਨਵੰਬਰ (ਰਾਜੇਸ਼ ਕੁਮਾਰ): ਲੋਕ ਸਭਾ ਪਟਿਆਲਾ ਦੇ ਇੰਚਾਰਜ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਵੱਲੋਂ ਲਏ ਗਏ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲੇ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਇਤਰਾਜਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਲਾਜ਼ਮੀ ਸ਼ਰਤ ਨੂੰ ਖਤਮ ਕਰਦੇ ਹੋਏ ਬਿਨੈਕਾਰਾਂ ਨੂੰ ਸਿੱਧੇ ਕੁਨੈਕਸ਼ਨ ਜਾਰੀ ਕਰੇਗਾ।
ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਫੈਸਲਾ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਸ ਤਹਿਤ ਲੋਕਾਂ ਨੂੰ ਬਿਨਾਂ ਦੇਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਬਿਨੈਕਾਰਾਂ ਨੂੰ ਸਥਾਨਕ ਅਧਿਕਾਰੀਆਂ ਤੋਂ ਪ੍ਰਵਾਨਗੀਆਂ ਲੈਣ ਲਈ ਐਨ.ਓ.ਸੀ. ਜਮ੍ਹਾ ਕਰਵਾਉਣੀ ਪੈਂਦੀ ਸੀ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਹੁਣ ਮਾਨ ਸਰਕਾਰ ਦੇ ਇਸ ਵੱਡੇ ਫੈਸਲੇ ਨਾਲ ਲੋਕਾਂ ਨੂੰ ਸੁਵਿਧਾ ਮਿਲੇਗੀ ਅਤੇ ਕਾਨੂੰਨੀ ਪ੍ਰਕਿਰਿਆ ਵੀ ਹੋਰ ਸੁਚਾਰੂ ਬਣੇਗੀ।









