ਚੰਡੀਗੜ੍ਹ : (ਰਾਜੇਸ਼ ਕੁਮਾਰ): ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦੀ ਗਰੰਟੀ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਪ੍ਰਦਰਸ਼ਨ ਦੀ ਅਗਵਾਈ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵੱਲ ਰੁਖ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਰੋਕਣ ਲਈ ਪੁਲਿਸ ਨੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦੇ ਬਾਹਰ ਭਾਰੀ ਅਮਲਾ ਤਾਇਨਾਤ ਕੀਤਾ। ਸੁਰੱਖਿਆ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੱਸਾਂ ਤਿਆਰ ਰੱਖੀਆਂ ਗਈਆਂ, ਤਾਂ ਜੋ ਜ਼ਰੂਰਤ ਪੈਣ ’ਤੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਸਕਣ। ਇਸ ਤੋਂ ਇਲਾਵਾ ਪਾਣੀ ਦੀਆਂ ਬੌਛਾੜਾਂ ਮਾਰਨ ਵਾਲੇ ਵਾਹਨ ਵੀ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਸਰਕਾਰ 1100 ਰੁਪਏ ਦੀ ਗਰੰਟੀ 2026 ਦੇ ਬਜਟ ਤੋਂ ਬਾਅਦ ਲਾਗੂ ਕਰਨ ਦੀ ਗੱਲ ਕਰ ਰਹੀ ਹੈ, ਪਰ ਇਸ ਤੋਂ ਪਹਿਲਾਂ ਜਿੰਨਾ ਸਮਾਂ ਔਰਤਾਂ ਨੂੰ ਇਹ ਰਕਮ ਨਹੀਂ ਮਿਲੀ, ਉਸ ਬਾਰੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਯਾਦ ਰਹੇ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਯੋਜਨਾ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਹ ਲਾਗੂ ਨਹੀਂ ਹੋ ਸਕੀ।







