ਮਾਸ-ਸ਼ਰਾਬ ਦੀਆਂ ਦੁਕਾਨਾਂ ‘ਤੇ ਪਾਬੰਦੀ
ਸ੍ਰੀ ਆਨੰਦਪੁਰ ਸਾਹਿਬ, 24 ਨਵੰਬਰ (ਛਤਰਪਾਲ ਸਿੰਘ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਫ਼ੈਸਲਾ ਐਲਾਨਿਆ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਾਂਘੇ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਵਜੋਂ ਘੋਸ਼ਿਤ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨ ਧਾਰਮਿਕ ਸ਼ਹਿਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਾਸ, ਸ਼ਰਾਬ, ਤੰਬਾਕੂ ਜਾਂ ਹੋਰ ਅਣਸਰੋਕੀਆਂ ਦੁਕਾਨਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਅੰਮ੍ਰਿਤਸਰ ਸਾਹਿਬ ਲਾਂਘਾ ਹਮੇਸ਼ਾਂ ਤੋਂ ਪਵਿੱਤਰ ਮੰਨਿਆ ਜਾਂਦਾ ਰਿਹਾ ਹੈ, ਪਰ ਇਸ ਨੂੰ ਕਦੇ ਵੀ ਵਿਧਾਨ ਸਭਾ ਪੱਧਰ ‘ਤੇ ਰਸਮੀ ਤੌਰ ‘ਤੇ ਪਵਿੱਤਰ ਨਹੀਂ ਐਲਾਨਿਆ ਗਿਆ ਸੀ।
ਮੁੱਖ ਮੰਤਰੀ ਦੇ ਇਸ ਐਲਾਨ ਨੂੰ ਸਿੱਖ ਸੰਗਤ ਵੱਲੋਂ ਇਤਿਹਾਸਕ ਕਦਮ ਵਜੋਂ ਵੇਖਿਆ ਜਾ ਰਿਹਾ ਹੈ ਅਤੇ ਇਹ ਧਾਰਮਿਕ ਵਿਰਾਸਤ ਦੀ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਮਹੱਤਵਪੂਰਨ ਯੋਗਦਾਨ ਮੰਨਿਆ ਜਾ ਰਿਹਾ ਹੈ।







