ਸੇਵਾ ਅਤੇ ਭਲਾਈ ਮਾਨ ਸਰਕਾਰ ਦੀ ਪ੍ਰਾਥਮਿਕਤਾ – ਹਡਾਣਾ
ਪਟਿਆਲਾ, 27 ਨਵੰਬਰ 2025 (ਛਤਰਪਾਲ ਸਿੰਘ) — ਪੀ.ਆਰ.ਟੀ.ਸੀ ਵਿੱਚ ਨੌਕਰੀ ਦੌਰਾਨ ਮ੍ਰਿਤਕ ਹੋਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅੱਜ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਚੇਅਰਮੈਨ ਸ. ਰਣਜੋਧ ਸਿੰਘ ਹਡਾਣਾ ਵੱਲੋਂ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਤਹਿਤ 01 ਟੀ.ਐੱਸ.ਵੀ.ਸੀ, 01 ਕੰਡਕਟਰ ਅਤੇ 07 ਸੇਵਾਦਾਰਾਂ ਸਮੇਤ ਕੁੱਲ 09 ਉਮੀਦਵਾਰਾਂ ਨੂੰ ਨੌਕਰੀ ਦੇ ਆਰਡਰ ਜਾਰੀ ਕੀਤੇ ਗਏ।
ਇਸ ਮੌਕੇ ਚੇਅਰਮੈਨ ਹਡਾਣਾ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਪੀ.ਆਰ.ਟੀ.ਸੀ ਪਰਿਵਾਰ ਦੇ ਹਰੇਕ ਮੈਂਬਰ ਦੀ ਸੇਵਾ ਅਤੇ ਭਲਾਈ ਮਾਨ ਸਰਕਾਰ ਦੀ ਪ੍ਰਾਥਮਿਕਤਾ ਹੈ। ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ ਤਰਸ ਦੇ ਆਧਾਰ ਤੇ ਭਰਤੀ ਦੀ ਨੀਤੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਗੀਆਂ, ਸਗੋਂ ਵਿਭਾਗ ਵਿੱਚ ਵੀ ਲੋੜੀਂਦਾ ਸਟਾਫ ਪੂਰਾ ਕਰਨ ਲਈ ਸਹਾਈ ਹੋਣਗੀਆ।
ਉਨ੍ਹਾਂ ਕਿਹਾ ਕਿ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਘਰਾਂ ਦੀ ਦੂਰੀ ਅਤੇ ਵਿਭਾਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਪੂਰਥਲਾ, ਬਰਨਾਲਾ, ਫਰੀਦਕੋਟ, ਬਠਿੰਡਾ ਡਿਪੂਆਂ ਅਤੇ ਮੁੱਖ ਦਫ਼ਤਰ ਪਟਿਆਲਾ ਵਿੱਚ ਤੈਨਾਤ ਕੀਤਾ ਗਿਆ ਹੈ। ਇਸ ਤੋਂ ਉਮੀਦ ਹੈ ਕਿ ਨਵੇਂ ਭਰਤੀ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪੀ.ਆਰ.ਟੀ.ਸੀ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਣਗੇ।
ਇਸ ਮੌਕੇ ਵਿਭਾਗ ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਆਈ ਏ ਐਸ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ ਪੀ ਸੀ ਐਸ, ਜਨਰਲ ਮੈਨੇਜਰ ਅਮਨਵੀਰ ਸਿੰਘ ਟਿਵਾਣਾ, ਜੀ.ਐਮ. ਮਨਿੰਦਰਪਾਲ ਸਿੰਘ ਸਿੱਧੂ, ਜੀ.ਐਮ. ਜਤਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਕਈ ਅਧਿਕਾਰੀ ਵੀ ਮੌਜੂਦ ਰਹੇ।
ਚੇਅਰਮੈਨ ਹਡਾਣਾ ਨੇ ਇਸ ਮੌਕੇ ਕਿਹਾ ਕਿ ਪੀ.ਆਰ.ਟੀ.ਸੀ ਸਿਰਫ਼ ਇੱਕ ਵਿਭਾਗ ਨਹੀਂ, ਬਲਕਿ ਸੇਵਾ ਦੀ ਸਾਂਝ ਹੈ। ਜਿਨ੍ਹਾਂ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਲੋਕ ਸੇਵਾ ਨੂੰ ਸਮਰਪਿਤ ਕੀਤੀ, ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਕਰਨਾ ਪ੍ਰਸ਼ਾਸਨ ਦਾ ਫਰਜ਼ ਹੈ। ਉਨ੍ਹਾਂ ਯਕੀਨ ਦਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਤੁਰੰਤ ਨਿਪਟਾਰਾ ਕਰਕੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।
ਨਵੇਂ ਭਰਤੀ ਹੋਏ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਮਾਨ ਸਰਕਾਰ ਅਤੇ ਚੇਅਰਮੈਨ ਹਡਾਣਾ ਦਾ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਕਦਮ ਉਨ੍ਹਾਂ ਲਈ ਨਵੀਂ ਉਮੀਦ ਵਜੋਂ ਸਾਬਤ ਹੋਇਆ ਹੈ।
