ਚੰਡੀਗੜ੍ਹ: (ਛਤਰਪਾਲ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਕਾਨੂੰਨੀ ਝਟਕਾ ਲੱਗਿਆ ਹੈ। ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਹਨ। ਉਨ੍ਹਾਂ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ‘ਤੇ 20 ਨਵੰਬਰ ਨੂੰ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਕੋਰਟ ਨੇ ਆਪਣਾ ਫ਼ੈਸਲਾ ਸੁਣਾਉਂਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।
ਅਦਾਲਤੀ ਫ਼ੈਸਲਾ ਆਉਣ ਤੋਂ ਬਾਅਦ ਰਾਜਨੀਤਿਕ ਪੱਧਰ ‘ਤੇ ਵੀ ਇਸ ਮਾਮਲੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ, ਕਿਉਂਕਿ ਮਜੀਠੀਆ ਅਕਾਲੀ ਦਲ ਦੇ ਉੱਚ ਪੱਧਰੀ ਨੇਤਾਵਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ।
ਮਾਮਲੇ ਦੀ ਅਗਲੀ ਕਾਰਵਾਈ ਹੁਣ ਨੀਵੀਂ ਅਦਾਲਤ ਅਤੇ ਜਾਂਚ ਏਜੰਸੀ ਦੀ ਪ੍ਰਕਿਰਿਆ ‘ਤੇ ਨਿਰਭਰ ਕਰੇਗੀ, ਜਦਕਿ ਮਜੀਠੀਆ ਨੂੰ ਅਗਲੇ ਆਦੇਸ਼ਾਂ ਤੱਕ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।







