Homeਪੰਜਾਬਵਿਧਾਇਕ ਵਲੋਂ ਪੱਗਾਂ ਦੀ ਬੇਅਦਬੀ ਮਾਮਲਾ ਤਪਿਆ, ਸੁਖਜਿੰਦਰ ਰੰਧਾਵਾ ਨੇ ਅਕਾਲ ਤਖ਼ਤ...

ਵਿਧਾਇਕ ਵਲੋਂ ਪੱਗਾਂ ਦੀ ਬੇਅਦਬੀ ਮਾਮਲਾ ਤਪਿਆ, ਸੁਖਜਿੰਦਰ ਰੰਧਾਵਾ ਨੇ ਅਕਾਲ ਤਖ਼ਤ ਸਾਹਿਬ ਪਹੁੰਚ ਕੀਤੀ ਕਾਰਵਾਈ ਦੀ ਮੰਗ

ਅੰਮ੍ਰਿਤਸਰ: ਪੰਜਾਬ ਵਿੱਚ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਹੋਈਆਂ ਧਾਂਦਲੀਆਂ ਅਤੇ ਹਿੰਸਕ ਘਟਨਾਵਾਂ ਨੇ ਨਵਾਂ ਰੂਖ ਧਾਰ ਲਿਆ ਹੈ। ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਸਮਰਥਕਾਂ ਵੱਲੋਂ ਨਾਮਜ਼ਦਗੀ ਪੱਤਰ ਭਰਨ ਮੌਕੇ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰ ਕੇ ਬੇਅਦਬੀ ਕਰਨ ਅਤੇ ਧੱਕੇਸ਼ਾਹੀ ਕਰਨ ਨੇ ਦੁਨੀਆ ਭਰ ਵਿੱਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ।

ਇਹ ਵੀ ਗੰਭੀਰ ਮਾਮਲਾ ਬਣ ਗਿਆ ਜਦ ਵਿਧਾਇਕ ਨੇ ਮੀਡੀਆ ਅੱਗੇ ਇਸ ਬੇਅਦਬੀ ਨੂੰ ਹਲਕਾ ਦੱਸਦਿਆਂ ਕਿਹਾ ਕਿ “ਪੱਗਾਂ ਵਿੱਚ ਕਿਹੜੇ ਕਿੱਲ ਲੱਗੇ ਹੁੰਦੇ ਹਨ, ਇਹ ਤਾਂ ਲੱਥਦੀਆਂ ਹੀ ਰਹਿੰਦੀਆਂ ਹਨ।” ਇਸ ਬਿਆਨ ਨੇ ਰੋਸ ਨੂੰ ਹੋਰ ਭੜਕਾ ਦਿੱਤਾ ਹੈ।

ਸਾਬਕਾ ਉੱਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਮਾਮਲੇ ਬਾਰੇ ਲਿਖਤੀ ਸ਼ਿਕਾਇਤ ਸੌਂਪੀ। ਜਥੇਦਾਰ ਨੂੰ ਦਿੱਤੇ ਪੱਤਰ ਵਿੱਚ ਉਨ੍ਹਾਂ ਮੰਗ ਕੀਤੀ ਕਿ ਦਸਤਾਰ ਦੀ ਬੇਹੁਰਮਤੀ ਅਤੇ ਸਿੱਖ ਸੱਭਿਆਚਾਰ ਦੀ ਤੌਹੀਨ ਕਰਨ ਵਾਲੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਿਰੁੱਧ ਸਿੱਖ ਮਰਿਯਾਦਾ ਅਨੁਸਾਰ ਤੁਰੰਤ ਤੇ ਕੜੀ ਕਾਰਵਾਈ ਕੀਤੀ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰੰਧਾਵਾ ਨੇ ਕਿਹਾ,
“ਇਹ ਸਿਰਫ਼ ਇੱਕ ਨੌਜਵਾਨ ਦੀ ਪੱਗ ਦੀ ਬੇਅਦਬੀ ਨਹੀਂ, ਸਗੋਂ ਪੂਰੇ ਸਿੱਖ ਕੌਮ ਦੇ ਮਾਣ–ਸਨਮਾਨ ਉੱਤੇ ਚੋਟ ਹੈ। ਅਸੀਂ ਇਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰ ਸਕਦੇ।”

ਇਸ ਮੌਕੇ ਹਲਕਾ ਮਜੀਠਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਅਤੇ ਊਦੈਵੀਰ ਰੰਧਾਵਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਮਾਮਲੇ ਨੇ ਰਾਜਨੀਤਿਕ ਅਤੇ ਧਾਰਮਿਕ ਮੰਡਲਾਂ ਵਿੱਚ ਤਿੱਖੀ ਚਰਚਾ ਛੇੜ ਦਿੱਤੀ ਹੈ ਅਤੇ ਹੁਣ ਨਜ਼ਰਾਂ ਅਕਾਲ ਤਖ਼ਤ ਸਾਹਿਬ ਦੀ ਅੱਗੇ ਆਉਣ ਵਾਲੀ ਕਾਰਵਾਈ ‘ਤੇ ਟਿਕ ਗਈਆਂ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments