ਚੰਡੀਗੜ੍ਹ, 12 ਦਸੰਬਰ (ਜਗਜੀਤ ਸਿੰਘ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਾਏ ਗਏ ਫਰਜ਼ੀ ਬੈਲਟ ਪੇਪਰ ਛਪਵਾਉਣ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਕਮਿਸ਼ਨ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੜੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਬੈਲਟ ਪੇਪਰਾਂ ਦੀ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਨੂੰ ਹਰ ਹਾਲਤ ਵਿੱਚ ਰੋਕਿਆ ਜਾਵੇ।
ਚੰਨੀ ਦਾ ਦੋਸ਼ ਸੀ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅੰਬਾਲਾ ਤੋਂ ਫਰਜ਼ੀ ਬੈਲਟ ਪੇਪਰ ਤਿਆਰ ਕਰਵਾਏ ਹਨ, ਜੋ ਚੋਣਾਂ ਵਿੱਚ ਧਾਂਧਲੀ ਲਈ ਵਰਤੇ ਜਾ ਸਕਦੇ ਹਨ। ਇਨ੍ਹਾਂ ਗੰਭੀਰ ਇਲਜ਼ਾਮਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਨਾ ਸਿਰਫ਼ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ, ਸਗੋਂ ਬੈਲਟ ਪੇਪਰਾਂ ਦੀ ਸੁਰੱਖਿਆ ’ਤੇ ਵੀ ਖ਼ਾਸ ਫੋਕਸ ਕਰਨ ਲਈ ਕਿਹਾ ਹੈ।
ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਕਮਿਸ਼ਨ ਨੇ ਡੀਜੀਪੀ ਪੰਜਾਬ ਅਤੇ ਸਾਰੇ ਡੀਸੀਜ਼ ਨੂੰ ਵੱਖ-ਵੱਖ ਨਿਰਦੇਸ਼ ਭੇਜੇ ਹਨ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ।
ਕਮਿਸ਼ਨ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਜ਼ਿਲ੍ਹਿਆਂ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਿਆ ਜਾਵੇ ਅਤੇ ਪੁਲਿਸ ਦਾ ਵਤੀਰਾ ਪੂਰੀ ਤਰ੍ਹਾਂ ਪੇਸ਼ਾਵਰ ਅਤੇ ਉੱਚ ਮਾਪਦੰਡਾਂ ਅਨੁਸਾਰ ਹੋਣਾ ਚਾਹੀਦਾ ਹੈ, ਤਾਂ ਜੋ ਚੋਣ ਪ੍ਰਕਿਰਿਆ ’ਤੇ ਲੋਕਾਂ ਦਾ ਭਰੋਸਾ ਬਣਿਆ ਰਹੇ।









