ਚੰਡੀਗੜ੍ਹ: 13 ਦਸੰਬਰ (ਛਤਰਪਾਲ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਅਤੇ ਯੂਨਾਈਟਿਡ ਕਿੰਗਡਮ (ਯੂ.ਕੇ) ਵਿਚਕਾਰ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਨੂੰ ਵੱਡੇ ਨਿਵੇਸ਼ ਅਤੇ ਨਿਰਮਾਣ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਚੰਡੀਗੜ੍ਹ ਵਿੱਚ ਯੂ.ਕੇ ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮਰਿਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਸਾਂਝ ਨੂੰ ਨਵੀਂ ਉਚਾਈਆਂ ’ਤੇ ਲਿਜਾਣ ਦੀ ਵਚਨਬੱਧਤਾ ਦੁਹਰਾਈ।
ਮੁੱਖ ਮੰਤਰੀ ਨੇ ਮੋਹਾਲੀ ਨੂੰ ਵਿਸ਼ਵ ਪੱਧਰ ’ਤੇ ਸਭ ਤੋਂ ਵਧੀਆ ਤਰੀਕੇ ਨਾਲ ਵਿਕਸਿਤ ਸ਼ਹਿਰਾਂ ’ਚੋਂ ਇੱਕ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ ਉਭਰਦੇ ਨਿਰਮਾਣ ਖੇਤਰਾਂ ਲਈ ਬੇਹੱਦ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀ ਸੁਰੱਖਿਅਤ ਅਤੇ ਕਾਨੂੰਨੀ ਰਸਤੇ ਰਾਹੀਂ ਯੂ.ਕੇ ਵਿੱਚ ਮੌਕਿਆਂ ਦੀ ਖੋਜ ਕਰਨਾ ਚਾਹੁੰਦੇ ਹਨ ਅਤੇ ਸੂਬਾ ਸਰਕਾਰ ਇਸ ਲਈ ਹਰ ਸੰਭਵ ਸਹਾਇਤਾ ਦੇਵੇਗੀ।
ਗੈਂਗਸਟਰਵਾਦ ਵਰਗੇ ਅੰਤਰਰਾਸ਼ਟਰੀ ਮਸਲਿਆਂ ’ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੱਸਿਆਵਾਂ ਸਰਹੱਦਾਂ ਤੋਂ ਪਾਰ ਹਨ ਅਤੇ ਪੰਜਾਬ ਸਰਕਾਰ ਨਿਆਂਇਕ ਪ੍ਰਕਿਰਿਆਵਾਂ ਅਤੇ ਲੋੜੀਂਦੀ ਕਾਨੂੰਨੀ ਸਹਾਇਤਾ ਵਿੱਚ ਯੂ.ਕੇ ਨਾਲ ਪੂਰਾ ਸਹਿਯੋਗ ਕਰੇਗੀ।
ਭਗਵੰਤ ਸਿੰਘ ਮਾਨ ਨੇ ਯੂ.ਕੇ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਮੰਜ਼ਿਲ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮਸ਼ੀਨਰੀ, ਫੂਡ ਪ੍ਰੋਸੈਸਿੰਗ, ਆਈ.ਟੀ. ਅਤੇ ਹੋਰ ਖੇਤਰ ਨਿਵੇਸ਼ ਲਈ ਪ੍ਰਮੁੱਖ ਹਨ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਯੋਗਤਾ ਅਤੇ ਮਿਹਨਤ ਨਾਲ ਦੁਨੀਆ ਭਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮਜ਼ਬੂਤ ਨਿਵੇਸ਼ ਇਕੋਸਿਸਟਮ ਵਾਜਬ ਬਿਜਲੀ ਦਰਾਂ, ਅਧੁਨਿਕ ਢਾਂਚਾਗਤ ਸਹੂਲਤਾਂ ਅਤੇ ਅਨੁਕੂਲ ਵਪਾਰਕ ਵਾਤਾਵਰਣ ਮੁਹੱਈਆ ਕਰਦਾ ਹੈ। ਸੂਬਾ ‘ਈਜ਼ ਆਫ਼ ਡੂਇੰਗ ਬਿਜ਼ਨਸ’ ਵਿੱਚ ਅੱਗੇ ਹੈ ਅਤੇ ਸਿੰਗਲ-ਵਿੰਡੋ ਪ੍ਰਣਾਲੀ ਰਾਹੀਂ ਪਾਰਦਰਸ਼ੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ‘ਕਾਰੋਬਾਰ ਦਾ ਅਧਿਕਾਰ ਐਕਟ’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।
ਵਫ਼ਦ ਨੂੰ ਮਾਰਚ ਵਿੱਚ ਮੋਹਾਲੀ ’ਚ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) ਵਿੱਚ ਸ਼ਮੂਲੀਅਤ ਲਈ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ “ਮੌਕਿਆਂ ਦੀ ਧਰਤੀ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਜ਼ਬੂਤ ਕਾਨੂੰਨ-ਵਿਵਸਥਾ ਕਾਰਨ ਵਿਸ਼ਵ ਪ੍ਰਸਿੱਧ ਕੰਪਨੀਆਂ ਇੱਥੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਉਤਸੁਕ ਹਨ ਅਤੇ ਨੇੜਲੇ ਭਵਿੱਖ ਵਿੱਚ ਮੋਹਾਲੀ “ਦੁਨੀਆ ਦੀ ਅਗਲੀ ਸਿਲੀਕਾਨ ਵੈਲੀ” ਵਜੋਂ ਉਭਰੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਮੋਹਾਲੀ ਵਿੱਚ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ 100 ਕਿਲੋਮੀਟਰ ਦੇ ਦਾਇਰੇ ਵਿੱਚ ਵੱਡਾ ਹੁਨਰਮੰਦ ਮਨੁੱਖੀ ਸਰੋਤ ਮੌਜੂਦ ਹੈ, ਜੋ ਨਿਵੇਸ਼ ਲਈ ਸੂਬੇ ਨੂੰ ਹੋਰ ਆਕਰਸ਼ਕ ਬਣਾਉਂਦਾ ਹੈ। ਮੁੱਖ ਮੰਤਰੀ ਨੇ ਵਫ਼ਦ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਵਿਕਾਸ ਸੰਭਾਵਨਾਵਾਂ ਦਾ ਮੁਲਾਂਕਣ ਕਰਨ ਦੀ ਅਪੀਲ ਵੀ ਕੀਤੀ।
