Homeਪੰਜਾਬਅਕਾਲੀ ਦਲ ਦੀ ਇੱਕਜੁੱਟਤਾ ਲਈ ਤਖ਼ਤ ਸਾਹਿਬ ਦਾ ਹੁਕਮਨਾਮਾ ਹੀ ਰਾਹਦਾਰੀ —...

ਅਕਾਲੀ ਦਲ ਦੀ ਇੱਕਜੁੱਟਤਾ ਲਈ ਤਖ਼ਤ ਸਾਹਿਬ ਦਾ ਹੁਕਮਨਾਮਾ ਹੀ ਰਾਹਦਾਰੀ — ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਪੰਜਾਬ ਦਾ ਖਜ਼ਾਨਾ ਆਮ ਲੋਕਾਂ ਦੀ ਭਲਾਈ ਦੀ ਥਾਂ ਸਿਰਫ਼ ਪ੍ਰਚਾਰ ਅਤੇ ਦਿੱਲੀ ਦਰਬਾਰ ਨੂੰ ਖੁਸ਼ ਕਰਨ ’ਤੇ ਖਰਚ ਕੀਤਾ ਜਾ ਰਿਹਾ

ਪੰਜਾਬ: 13 ਦਸੰਬਰ, (ਛਤਰਪਾਲ ਸਿੰਘ): ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਵਿਸ਼ੇਸ਼ ਨਾਲ ਉਨ੍ਹਾਂ ਦੀ ਕੋਈ ਰੰਜਿਸ਼ ਨਹੀਂ ਹੈ ਅਤੇ ਜੇ 02 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ ਚੱਲਿਆ ਜਾਵੇ ਤਾਂ ਅਕਾਲੀ ਦਲ ਮੁੜ ਇੱਕਜੁੱਟ ਹੋ ਸਕਦਾ ਹੈ। ਉਹ ਹਲਕੇ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ।

ਚੰਦੂਮਾਜਰਾ ਨੇ ਕਿਹਾ ਕਿ ਪੰਚਾਇਤ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੋਕਤੰਤਰ ਦੀ ਨੀਂਹ ਹਨ, ਪਰ ਸਿਆਸੀ ਪਾਰਟੀਆਂ ਆਪਣੇ ਚੋਣ ਨਿਸ਼ਾਨਾਂ ਹੇਠ ਚੋਣਾਂ ਲੜਾ ਕੇ ਸਥਾਨਕ ਵਰਕਰਾਂ ਅਤੇ ਆਗੂਆਂ ਨੂੰ ਬੰਨ੍ਹ ਕੇ ਰੱਖ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਆਜ਼ਾਦ ਅਤੇ ਬਿਨਾਂ ਦਬਾਅ ਦੇ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਅਸਲ ਲੋਕਤੰਤਰ ਕਾਇਮ ਰਹੇ।

ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਵੋਟਿੰਗ ਤੱਕ ਸਰਕਾਰ ਵੱਲੋਂ ਲੋਕਤੰਤਰਕ ਪ੍ਰਕਿਰਿਆ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਧੱਕੇ ਨਾਲ ਚੋਣਾਂ ਜਿੱਤਣ ਦੀ ਕੋਸ਼ਿਸ਼ ਪੰਜਾਬ ਦੇ ਲੋਕਤੰਤਰ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ।

ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਆਮ ਲੋਕਾਂ ਦੀ ਭਲਾਈ ਦੀ ਥਾਂ ਸਿਰਫ਼ ਪ੍ਰਚਾਰ ਅਤੇ ਦਿੱਲੀ ਦਰਬਾਰ ਨੂੰ ਖੁਸ਼ ਕਰਨ ’ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਗਰੀਬਾਂ ਅਤੇ ਮਹਿਲਾਵਾਂ ਲਈ ਕੋਈ ਢੁੱਕਵੀਆਂ ਸਹੂਲਤਾਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਬਿਜਲੀ ਬੋਰਡ ਜਾਂ ਪੰਚਾਇਤੀ ਜ਼ਮੀਨਾਂ ਵੇਚਣ ਵਰਗੇ ਕਦਮ ਚੁੱਕਦੀ ਹੈ ਤਾਂ ਲੋਕ ਅਦਾਲਤਾਂ ਦਾ ਦਰਵਾਜ਼ਾ ਖਟਖਟਾਇਆ ਜਾਵੇਗਾ, ਕਿਉਂਕਿ ਸਰਕਾਰ ਕੋਲ ਸਰਕਾਰੀ ਜ਼ਮੀਨ ਵੇਚਣ ਦਾ ਕੋਈ ਨੈਤਿਕ ਜਾਂ ਕਾਨੂੰਨੀ ਹੱਕ ਨਹੀਂ।

ਪੰਜਾਬ ਕਾਂਗਰਸ ਦੀ ਅੰਦਰੂਨੀ ਗੁੱਟਬੰਦੀ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਦੇ ਆਮ ਗੱਲ ਕਹਿਣ ਵਾਲੀ ਕਾਂਗਰਸ ਅੱਜ ਆਪਣੇ ਕਰਤੂਤਾਂ ਕਰਕੇ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਾਂਗਰਸ ਨੂੰ ਭ੍ਰਿਸ਼ਟਾਚਾਰ ਦੀ ਜਨਮਦਾਤਾ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਉਸੇ ਰਾਹ ’ਤੇ ਤੁਰ ਰਹੀ ਹੈ।

ਅਕਾਲੀ ਦਲ ਦੀ ਇੱਕਜੁੱਟਤਾ ਅਤੇ ਭਾਜਪਾ ਨਾਲ ਸੰਭਾਵੀ ਗੱਠਜੋੜ ਦੇ ਸਵਾਲ ’ਤੇ ਚੰਦੂਮਾਜਰਾ ਨੇ ਸਾਫ਼ ਕੀਤਾ ਕਿ ਸਭ ਤੋਂ ਪਹਿਲਾਂ ਪੰਜਾਬ ਦੇ ਮਸਲਿਆਂ ਨੂੰ ਕੇਂਦਰ ਵਿੱਚ ਰੱਖਣਾ ਲਾਜ਼ਮੀ ਹੈ, ਗੱਠਜੋੜ ਬਾਅਦ ਦੀ ਗੱਲ ਹੈ।

ਇਸ ਮੌਕੇ ਐੱਸ.ਜੀ.ਪੀ.ਸੀ. ਪ੍ਰਚਾਰ ਕਮੇਟੀ ਦੇ ਮੈਂਬਰ ਰਾਮਪਾਲ ਸਿੰਘ ਬੈਹਨੀਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ, ਕੁਲਦੀਪ ਸਿੰਘ ਘੋੜੇਨਬ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments