– ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਲਈ ਦਲਵੀਰ ਸਿੰਘ ਢਿੱਲੋਂ ਨੇ ਕੀਤਾ ਧੰਨਵਾਦ
ਧੂਰੀ, 14 ਦਸੰਬਰ: (ਜਤਿੰਦਰ ਗਰਗ) : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਦੀ ਮਿਹਨਤ, ਅਨੁਸ਼ਾਸਨ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਨੇ ਪਾਰਟੀ ਨੂੰ ਮਜ਼ਬੂਤ ਬਣਾਇਆ ਹੈ। ਉਨ੍ਹਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਜੋ ਜ਼ਮੀਨੀ ਪੱਧਰ ’ਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ।
ਉਨ੍ਹਾਂ ਧੂਰੀ ਹਲਕੇ ਦੇ ਲੋਕਾਂ ਵੱਲੋਂ ਚੋਣ ਪ੍ਰਕਿਰਿਆ ਦੌਰਾਨ ਦਿੱਤੇ ਗਏ ਭਰਪੂਰ ਹੁੰਗਾਰੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਫ਼ੈਸਲਿਆਂ ਦੇ ਚਲਦਿਆਂ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਚੇਅਰਮੈਨ ਢਿੱਲੋਂ ਨੇ ਵਿਸ਼ਵਾਸ ਜਤਾਇਆ ਕਿ ਧੂਰੀ ਹਲਕੇ ਦੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਸ਼ਾਸਨ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਧੂਰੀ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ।







