ਗੈਂਗਸਟਰਾਂ ਅਤੇ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ, ਸਰਕਾਰ ਪੂਰੀ ਤਰ੍ਹਾਂ ਵਚਨਬੱਧ
ਚੰਡੀਗੜ੍ਹ/ਮੋਹਾਲੀ: 16 ਦਸੰਬਰ (ਗੁਰਪ੍ਰੀਤ ਸਿੰਘ ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਆਨਲਾਈਨ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 500 ਤੋਂ ਵੱਧ ਸਰਕਾਰੀ ਸੇਵਾਵਾਂ ਲੋਕਾਂ ਨੂੰ ਘਰ ਬੈਠੇ ਅਤੇ ਆਨਲਾਈਨ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਦਾ ਨਿਰੰਤਰ ਰੀਵਿਊ ਕੀਤਾ ਜਾਂਦਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਪੰਚ, ਬੀਡੀਓ, ਪੰਚਾਇਤ ਸਕੱਤਰ, ਮਿਊਂਸੀਪਲ ਕਾਰਪੋਰੇਸ਼ਨ ਅਤੇ ਹੋਰ ਲੋਕ-ਸੰਬੰਧਿਤ ਸਾਰੀਆਂ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ।
ਉਨ੍ਹਾਂ ਕਿਹਾ ਕਿ ਇਹ ਸਾਰੀਆਂ ਆਨਲਾਈਨ ਸਹੂਲਤਾਂ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਨੂੰ ਰਾਸ਼ਟਰੀ ਪੱਧਰ ’ਤੇ ਖਿਤਾਬ ਵੀ ਮਿਲ ਚੁੱਕਾ ਹੈ। ‘ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਸਰਕਾਰ ਲੋਕਾਂ ਤੱਕ ਸਹੂਲਤਾਂ ਪਹੁੰਚਾ ਰਹੀ ਹੈ।
ਇਸ ਮੌਕੇ ਮੋਹਾਲੀ ਦੇ ਸੋਹਾਣਾ ਸਾਹਿਬ ਵਿਖੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ’ਤੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਪੰਜਾਬ ਵਿੱਚ ਗੈਂਗਸਟਰ ਅਤੇ ਨਸ਼ਿਆਂ ਦੀ ਸਮੱਸਿਆ ਵਧੀ। ਉਨ੍ਹਾਂ ਕਿਹਾ ਕਿ ਅੱਜ ਇਹ ਸਮੱਸਿਆ ਕੈਂਸਰ ਵਾਂਗ ਫੈਲ ਚੁੱਕੀ ਹੈ, ਜਿਸਦਾ ਹੱਲ ਤੁਰੰਤ ਨਹੀਂ ਪਰ ਢੁੱਕਵੇਂ ਅਤੇ ਸਖ਼ਤ ਕਦਮਾਂ ਨਾਲ ਕੀਤਾ ਜਾ ਰਿਹਾ ਹੈ।
ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਪੰਜਾਬ ਵਿੱਚੋਂ ਗੈਂਗਸਟਰਾਂ ਤੇ ਨਸ਼ਿਆਂ ਦਾ ਖਾਤਮਾ ਕਰਕੇ ਹੀ ਰਹੇਗੀ।
