ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੂਰੀ ਅਮਨ-ਸ਼ਾਂਤੀ ਨਾਲ ਵੋਟਿੰਗ ਕਰਕੇ ਲੋਕਤੰਤਰ ਦੀ ਮਜ਼ਬੂਤ ਮਿਸਾਲ ਪੇਸ਼ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸਾਹਮਣੇ ਆਏ ਨਤੀਜਿਆਂ ਵਿੱਚ ਪੰਜਾਬ ਅੰਦਰ ਇਕ ਪਾਸੜ ਮਾਹੌਲ ਨਜ਼ਰ ਆ ਰਿਹਾ ਹੈ। ਇਸ ਜਿੱਤ ਲਈ ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ-ਵਾਲੰਟੀਅਰਾਂ ਨੂੰ ਵਧਾਈ ਦਿੱਤੀ। ਅਮਨ ਅਰੋੜਾ ਨੇ ਕਿਹਾ ਕਿ ਵਰਕਰਾਂ ਦੀ ਅਣਥੱਕ ਮਿਹਨਤ ਕਾਰਨ ਹੀ ਪੰਜਾਬ ਦੇ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ‘ਤੇ ਬਣਿਆ ਹੈ।
ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 354 ਜ਼ੋਨਾਂ ਵਿੱਚੋਂ 71 ਜ਼ੋਨਾਂ ਦੇ ਨਤੀਜੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 60 ਜ਼ੋਨਾਂ ‘ਤੇ ਆਮ ਆਦਮੀ ਪਾਰਟੀ ਜਿੱਤ ਦਰਜ ਕਰ ਚੁੱਕੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ 7, ਅਕਾਲੀ ਦਲ ਨੇ 2, ਜਦਕਿ ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਨੇ 1-1 ਜ਼ੋਨ ‘ਤੇ ਜਿੱਤ ਹਾਸਲ ਕੀਤੀ ਹੈ।
ਇਸੇ ਤਰ੍ਹਾਂ ਬਲਾਕ ਸੰਮਤੀ ਦੇ 1875 ਨਤੀਜੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 867 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਕਾਂਗਰਸ ਪਾਰਟੀ 216, ਅਕਾਲੀ ਦਲ 129 ਅਤੇ ਭਾਜਪਾ 20 ਬਲਾਕਾਂ ਵਿੱਚ ਜਿੱਤ ਹਾਸਲ ਕਰ ਚੁੱਕੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਬਲਾਕ ਸੰਮਤੀ ਦੇ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ 68 ਬਲਾਕਾਂ ‘ਤੇ ਸਪਸ਼ਟ ਜਿੱਤ ਹਾਸਲ ਕਰ ਚੁੱਕੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਗਏ ਵਿਕਾਸਮੁਖੀ ਅਤੇ ਲੋਕ-ਹਿਤੈਸ਼ੀ ਕੰਮਾਂ ‘ਤੇ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਲੋਕਲ ਬਾਡੀ ਚੋਣਾਂ ਦੇ ਇਤਿਹਾਸ ਵਿੱਚ ਇਹ ਚੋਣਾਂ ਸਭ ਤੋਂ ਵੱਧ ਸ਼ਾਂਤਮਈ ਰਹੀਆਂ ਹਨ, ਜਿਸ ਦਾ ਸਹਿਰਾ ਪੰਜਾਬ ਦੇ ਸੁਚੇਤ ਅਤੇ ਸਿਆਣੇ ਲੋਕਾਂ ਨੂੰ ਜਾਂਦਾ ਹੈ।







